ਵਾਤਾਵਰਨ ਦੀ ਸਾਂਭ-ਸੰਭਾਲ ਲਈ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ: Dr. Balbir Singh
ਸਿਹਤ ਮੰਤਰੀ ਵੱਲੋਂ ਵਾਤਾਵਰਨ ਪਾਰਕ ਨੂੰ ਹੋਰ ਹਰਿਆ-ਭਰਿਆ ਬਣਾਉਣ ਲਈ ਯੋਜਨਾ ’ਤੇ ਚਰਚਾ
‘ਫਰੈਂਡਜ਼ ਆਫ ਐਨਵਾਇਰਨਮੈਂਟ ਪਾਰਕ’ ਕਮੇਟੀ ਦੀ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ (ਡੀ ਐੱਸ ਪੀ) ਦੀ ਪ੍ਰਧਾਨਗੀ ਹੇਠ ਵਾਤਾਵਰਨ ਪਾਰਕ ਵਿੱਚ ਹੋਈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਪਾਰਕ ਦੇ ਵਿਕਾਸ, ਵਾਤਾਵਰਨ ਦੀ ਸਾਂਭ-ਸੰਭਾਲ, ਹਰਿਆਲੀ ਵਧਾਉਣ ਸਬੰਧੀ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਾ ਵਾਤਾਵਰਨ ਮਨੁੱਖੀ ਸਿਹਤ ਲਈ ਬੇਹੱਦ ਜ਼ਰੂਰੀ ਹੈ। ਵਧ ਰਹੇ ਪ੍ਰਦੂਸ਼ਣ ਅਤੇ ਬਦਲਦੇ ਮੌਸਮੀ ਹਾਲਾਤ ਦੇ ਮੱਦੇਨਜ਼ਰ ਪੌਦੇ ਲਗਾਉਣਾ ਅਤੇ ਵਾਤਾਵਰਨ ਦੀ ਰੱਖਿਆ ਕਰਨਾ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਸਰਕਾਰ ਵੱਲੋਂ ਵਾਤਾਵਰਨ ਸੰਭਾਲ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਪਰ ਇਨ੍ਹਾਂ ਯਤਨਾਂ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਦੀ ਭਾਗੀਦਾਰੀ ਵੀ ਮਹੱਤਵਪੂਰਨ ਹੈ। ਉਨ੍ਹਾਂ ਕਮੇਟੀ ਮੈਂਬਰਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸੁਣਿਆ। ਉਨ੍ਹਾਂ ਪਾਰਕ ਦੇ ਰੱਖ-ਰਖਾਅ, ਸਫ਼ਾਈ, ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਮਿਲੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ‘ਫਰੈਂਡਜ਼ ਆਫ ਐਨਵਾਇਰਮੈਂਟ ਪਾਰਕ’ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ (ਡੀ ਐੱਸ ਪੀ) ਨੇ ਦੱਸਿਆ ਕਿ ਇਹ ਕਮੇਟੀ ਕਈ ਸਾਲਾਂ ਤੋਂ ਵਾਤਾਵਰਨ ਸੁਰੱਖਿਆ ਅਤੇ ਪਾਰਕ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਪੌਦੇ ਲਗਾਉਣ, ਸਫ਼ਾਈ ਮੁਹਿੰਮਾਂ ਚਲਾਉਣ ਅਤੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ।
ਇਸ ਮੌਕੇ ਸਾਬਕਾ ਪ੍ਰਧਾਨ ਸੁਖਦੇਵ ਵਿਰਕ, ਜਸਪਾਲ ਢਿੱਲੋ, ਸਕੱਤਰ ਐਡਵੋਕੇਟ ਗੁਰਬਾਜ ਸਿੰਘ, ਸਰਪ੍ਰਸਤ ਐਡਵੋਕੇਟ ਬਲਬੀਰ ਸਿੰਘ, ਸਾਬਕਾ ਏਆਈਜੀ ਗੁਰਦੀਪ ਸਿੰਘ, ਅਮਰਜੀਤ ਸਿੰਘ ਘੱਗਾ ਸਾਬਕਾ ਕਮਿਸ਼ਨਰ ਐਕਸਾਈਜ਼ ਮੌਜੂਦ ਸਨ।
ਤੀਰਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ
ਪਟਿਆਲਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਰਡ ਨੰਬਰ 4, ਸਿੱਧੂ ਕਲੋਨੀ ਅਤੇ ਮਨਜੀਤ ਨਗਰ ਤੋਂ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਅੱਜ ਰਵਾਨਾ ਹੋਈ ਬੱਸ ਵਿੱਚ ਸ਼ਾਮਲ ਸ਼ਰਧਾਲੂ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਖ਼ਾਸ ਤੌਰ ’ਤੇ ਉਨ੍ਹਾਂ ਲੋਕਾਂ ਨੂੰ ਮਿਲ ਰਿਹਾ ਹੈ ਜੋ ਆਰਥਿਕ ਜਾਂ ਹੋਰ ਕਾਰਨਾਂ ਕਰ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਐੱਮ ਸੀ ਮਨਦੀਪ ਸਿੰਘ ਵਿਰਦੀ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੋ ਕੇ ਕੰਮ ਕਰ ਰਹੀ ਹੈ ਅਤੇ ਅਜਿਹੀਆਂ ਸਕੀਮਾਂ ਲੋਕਾਂ ਦੀ ਜ਼ਿੰਦਗੀ ਵਿੱਚ ਸਾਕਾਰਾਤਮਕ ਬਦਲਾਅ ਲਿਆ ਰਹੀਆਂ ਹਨ।

