ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 30 ਮਈ
ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿੱਚ ਕਾਂਗਰਸ ਦੀ ਰਾਜਪੁਰਾ ਇਕਾਈ ਵੱਲੋਂ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਿਹਤਯਾਬੀ ਅਤੇ ਜਲਦੀ ਰਿਹਾਈ ਲਈ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸਮਾਣਾ ਦੇ ਸਾਬਕਾ ਵਿਧਾਇਕ ਕਾਕਾ ਰਾਜਿੰਦਰ ਸਿੰਘ, ਸਾਬਕਾ ਵਿਧਾਇਕ ਸ਼ੁਤਰਾਣਾ ਨਿਰਮਲ ਸਿੰਘ, ਸਾਬਕਾ ਵਿਧਾਇਕ ਅਮਰਗੜ੍ਹ ਸੁਰਜੀਤ ਸਿੰਘ ਧੀਮਾਨ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਹਰਦਿਆਲ ਸਿੰਘ ਕੰਬੋਜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨਵਜੋਤ ਸਿੱਧੂ ਅਸਲ ਵਿਚ ਪੰਜਾਬੀਅਤ ਅਤੇ ਪੰਜਾਬ ਦਰਦੀ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬੁਰੀ ਤਰ੍ਹਾਂ ਨਾਲ ਲੜਖੜਾ ਗਈ ਹੈ। ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਹੱਤਿਆ ਨਾਲ ਪੂਰਾ ਪੰਜਾਬ ਹੀ ਹਿੱਲ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਤਲ ਸੂਬਾ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੀ ਮੌਤ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਮੌਕੇ ਨਿਰਭੈ ਸਿੰਘ ਮਿਲਟੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸਤਰੀ, ਗੁਰਿੰਦਰ ਸਿੰਘ ਦੁਆ, ਅਮਨਦੀਪ ਸਿੰਘ ਤੇ ਸਰਬਜੀਤ ਸਿੰਘ ਆਦਿ ਮੌਜੂਦ ਸਨ।