ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਦੀ ਬਾਂਹ ਫੜੀ: ਜੌੜਾਮਾਜਰਾ
ਸੁਭਾਸ਼ ਚੰਦਰ
ਸਮਾਣਾ, 7 ਜੁਲਾਈ
ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਲਕੇ ਦੇ ਐੱਸਸੀ ਭਾਈਚਾਰੇ ਦੇ 86 ਲਾਭਪਾਤਰੀਆਂ ਨੂੰ 1.36 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰ ਕੇ ਗਰੀਬ ਪਰਿਵਾਰਾਂ ਦੀ ਬਾਂਹ ਫੜੀ ਹੈ ਤੇ ਹੁਣ ਇਹ ਲਾਭਪਾਤਰੀ ਪਰਿਵਾਰ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ। ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਐਸ.ਸੀ ਭਾਈਚਾਰੇ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮੁਆਫ ਕੀਤੇ ਜਾਣ, ਕਿਉਂਕਿ ਹੜ੍ਹਾਂ ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।
ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।
ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜ਼ਾਂ ਕੇਸਾਂ ਵਿੱਚ ਮੁਆਫੀ ਦੇ ਦਿੱਤੀ ਗਈ ਹੈ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਪੀਏ ਗੁਰਦੇਵ ਸਿੰਘ ਟਿਵਾਣਾ, ਦੀਪਕ ਵਧਵਾ ਤੇ ਸਹਾਇਕ ਜ਼ਿਲ੍ਹਾ ਮੈਨੇਜਰ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।