ਪੰਜਾਬੀ ਵਿਭਾਗ ਵੱਲੋਂ ‘ਮੋਢੀ ਮੁਖੀ ਦਿਵਸ’ ਸਮਾਗਮ ਕਰਵਾਉਣ ਦਾ ਫ਼ੈਸਲਾ
ਪੱਤਰ ਪ੍ਰੇਰਕ
ਪਟਿਆਲਾ 27 ਜੂਨ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ 1 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬੀ ਵਿਭਾਗ ਦੇ ਪਹਿਲੇ ਮੁਖੀ ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਨਮਿਤ ‘ਮੋਢੀ-ਮੁਖੀ ਦਿਵਸ’ ਅਤੇ ਸਨਮਾਨ ਸਮਾਗਮ ਕਰਵਾਇਆ ਜਾ ਰਿਹਾ ਹੈ।
ਵਿਭਾਗ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਦੱਸਿਆ ਕਿ ਵਿਭਾਗ ਦੇ ਲੈਕਚਰ ਹਾਲ ਵਿੱਚ ਹੋਣ ਵਾਲੇ ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਕਰਨਗੇ। ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਡੀਨ ਭਾਸ਼ਾਵਾਂ ਡਾ. ਭੁਪਿੰਦਰ ਸਿੰਘ ਖਹਿਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪਹਿਲਾ ‘ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਮੋਢੀ-ਮੁਖੀ ਸਨਮਾਨ’ ਵਿਭਾਗ ਦੇ ਸਾਬਕਾ ਪ੍ਰੋਫ਼ੈਸਰ ਅਤੇ ਮੁਖੀ ਉੱਘੇ ਵਿਦਵਾਨ ਡਾ. ਨਰਿੰਦਰ ਸਿੰਘ ਕਪੂਰ ਨੂੰ ਦਿੱਤਾ ਜਾਵੇਗਾ। ਸਨਮਾਨ-ਪੱਤਰ ਵਕਤਾ ਡਾ. ਗੁਰਮੁਖ ਸਿੰਘ ਹੋਣਗੇ। ਪ੍ਰਧਾਨਗੀ ਮੰਡਲ ਵਿਚ ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਦੀ ਪੁੱਤਰੀ ਪ੍ਰੋ. ਮਾਨਵਤਾ ਘੁੰਮਣ ਅਤੇ ਡਾ. ਸਤੀਸ਼ ਕੁਮਾਰ ਵਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ ਜਦੋਂ ਕਿ ਮੁੱਖ ਵਕਤਾ ਵਜੋਂ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਤੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਸ਼ਿਰਕਤ ਕਰਨਗੇ।