ਪੰਜਾਬੀ ਸਾਹਿਤ ਅਕਾਦਮੀ ਦੇ ਵਫ਼ਦ ਵੱਲੋਂ ਭਾਸ਼ਾਈ ਮਸਲਿਆਂ ’ਤੇ ਚਰਚਾ
ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦਾ ਵਫ਼ਦ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਅਗਵਾਈ ’ਚ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਮਿਲਿਆ। ਵਫ਼ਦ ਵੱਲੋਂ ਭਾਸ਼ਾ ਵਿਭਾਗ ਦੀ ਕਾਰਗੁਜ਼ਾਰੀ, ਪ੍ਰਾਪਤੀਆਂ, ਗਤੀਵਿਧੀਆਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਫ਼ਦ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਮ ਪੰਜਾਬੀ ਭਾਸ਼ਾ ਲਾਗੂ ਕਰਨ ਅਤੇ ਹੋਰਨਾਂ ਭਾਸ਼ਾਈ ਮਾਮਲਿਆਂ ਬਾਰੇ ਡਾਇਰੈਕਟਰ ਭਾਸ਼ਾਵਾਂ ਨੂੰ ਮੰਗ ਪੱਤਰ ਵੀ ਦਿੱਤਾ।
ਅਕਾਦਮੀ ਵੱਲੋਂ ਸੂਬੇ ਦੇ ਹਰ ਪ੍ਰਕਾਰ ਦੇ ਅਦਾਰਿਆਂ ਵਿੱਚ ਹੋਣ ਵਾਲੀਆਂ ਨਿਯੁਕਤੀਆਂ ਲਈ ਦਸਵੀਂ ਪੱਧਰ ਦੀ ਪੰਜਾਬੀ ਦੀ ਪੜ੍ਹਾਈ ਦੀ ਸ਼ਰਤ ਲਾਜ਼ਮੀ ਕਰਨ, ਸੂਬੇ ’ਚ ਸਥਾਪਤ ਨਿੱਜੀ, ਖ਼ੁਦਮੁਖ਼ਤਿਆਰ ਕਾਲਜਾਂ ਅਤੇ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਸਰਕਾਰੀ ਯੂਨੀਵਰਸਿਟੀਆਂ, ਕਾਲਜਾਂ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਤਰਜ਼ ’ਤੇ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਕਰਨ, ਸੂਬੇ ਦੀਆਂ ਅਦਾਲਤਾਂ ’ਚ ਪੰਜਾਬੀ ਭਾਸ਼ਾ ਵਿੱਚ ਕੰਮ ਕਾਜ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਹੋਰਨਾਂ ਮੰਗਾਂ ’ਚ ਪੰਜਾਬੀ ਭਾਸ਼ਾ ਦੇ ਮਸਲਿਆਂ ਨੂੰ ਹਰ ਪੱਧਰ ’ਤੇ ਨਜਿੱਠਣ ਲਈ ਪੰਜਾਬੀ ਭਾਸ਼ਾ ਟ੍ਰਿਬਿਊਨਲ ਦਾ ਗਠਨ ਕੀਤਾ ਜਾਵੇ ਤਾਂ ਜੋ ਸਰਕਾਰੀ ਤੇ ਦੂਸਰੇ ਕਰਮਚਾਰੀਆਂ ਦੀ ਪੰਜਾਬੀ ਭਾਸ਼ਾ ਪ੍ਰਤੀ ਕੁਤਾਹੀ ਦੀ ਸੁਣਵਾਈ ਕਰਨ, ਸੂਬੇ ਵਿੱਚ ਲਾਇਬਰੇਰੀ ਐਕਟ ਪਾਸ ਕਰਕੇ ਜਨਤਕ ਲਾਇਬਰੇਰੀਆਂ ਦੀ ਸਥਾਪਨਾ ਕਰਨ, ਭਾਸ਼ਾ ਵਿਭਾਗ ਪੰਜਾਬ ਦੀਆਂ ਪ੍ਰਕਾਸ਼ਨਾਵਾਂ ਸਮੇਂ ਸਿਰ ਛਾਪਣ ਲਈ ਵਿਭਾਗ ਨੂੰ ਸਵੈ-ਨਿਰਭਰ ਬਣਾਉਣ ਦੀ ਅਕਾਦਮੀ ਵੱਲੋਂ ਮੰਗ ਕੀਤੀ ਗਈ। ਵਫ਼ਦ ਵਿੱਚ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਹਰੀ ਸਿੰਘ ਜਾਚਕ, ਸੁਦਰਸ਼ਨ ਗਾਸੋ, ਬਲਵਿੰਦਰ ਸਿੰਘ ਭੱਟੀ, ਡਾ. ਗੁਰਮੀਤ ਕੱਲਰਮਾਜਰੀ ਤੇ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।