Punjabi University Financial Crisis: ਬਡੂੰਗਰ ਨੇ ਮੁੱਖ ਮੰਤਰੀ ਨੂੰ ਪੱਤਰ ਭੇਜਿਆ
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 150 ਕਰੋੜ ਦੇ ਕਰਜ਼ੇ ਤੋਂ ਮੁਕਤ ਕਰਨ ਦੀ ਮੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 150 ਕਰੋੜ ਰੁਪਏ ਦੇ ਕਰਜ਼ੇ ਤੋਂ ਮੁਕਤ ਕਰਨ ’ਤੇ ਜ਼ੋਰ ਦਿੱਤਾ ਹੈ| ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀ ਯੂਨੀਵਰਸਿਟੀ ਸਿਰ ਚੜ੍ਹੇ 150 ਕਰੋੜ ਰੁਪਏ ਦੇ ਕਰਜ਼ੇ ਦੀ ਮੁਆਫ਼ੀ ਲਈ ਸੰਘਰਸ਼ ਦੇ ਰਾਹ ਪਏ ਹੋਏ ਹਨ | ਇਸ ਦੇ ਨਾਲ ਹੀ ਯੂਨੀਵਰਸਿਟੀ ਵੱਲੋਂ ਆਪਣੀਆਂ ਵਿਤੀ ਦੇਣਦਾਰੀਆਂ ਦੀ ਭਰਪਾਈ ਲਈ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਗਿਆ ਹੈ| ਵਿਦਿਆਰਥੀ ਸੰਘਰਸ਼ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ| ਪ੍ਰੋ. ਬਡੂੰਗਰ ਨੇ ਕਿਹਾ ਕਿ ਯੂਨੀਵਰਸਿਟੀ ਦੇ ਦਾਖਲਿਆਂ ਉੱਤੇ ਮਾੜਾ ਅਸਰ ਪੈ ਰਿਹਾ ਹੈ| ਯੂਨੀਵਰਸਿਟੀ ਦੀ ਬਦਨਾਮੀ ਵੀ ਹੋ ਰਹੀ ਹੈ| ਪ੍ਰੋ. ਬੰਡੂਗਰ ਨੇ ਭਗਵੰਤ ਮਾਨ ’ਤੇ ਤਨਜ ਵੀ ਕੱਸਿਆ ਕਿ ਜਦੋਂ ਉਹ ਮੁੱਖ ਮੰਤਰੀ ਦੀ ਦੌੜ ਵਿੱਚ ਸੀ ਤਾਂ ਉਸ ਦਾ ਯੂਨੀਵਰਸਿਟੀ ਪ੍ਰਤੀ ਕਾਫੀ ਹੇਜ਼ ਝਲਕਦਾ ਸੀ, ਪ੍ਰੰਤੂ ਹੁਣ ਹਾਕਮ ਅਵਸਥਾ ਵਿੱਚ ਮੂੰਹ ਫੇਰਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਜਿਥੇ ਪੰਜਾਬੀਆਂ ਦੀ ਮਾਂ ਬੋਲੀ ਜਾਂ ਪੰਜਾਬੀ ਭਾਸ਼ਾ ਦੇ ਪੱਖੋਂ ਅੰਤਰਰਾਸ਼ਟਰੀ ਤੌਰ ’ਤੇ ਪਛਾਣ ਹੈ, ਉਥੇ ਹੀ ਪੰਜਾਬ ਦੇ ਮਾਲਵੇ ਖੇਤਰ ਦੀ ਇੱਕ ਵਕਾਰੀ ਵਿਦਿਅਕ ਸੰਸਥਾ ਹੈ| ਇਸ ਦੇ ਵਿੱਤੀ ਸੋਕੇ ਲਈ ਪੰਜਾਬ ਸਰਕਾਰ ਨੂੰ ਕੋਈ ਅਹਿਮ ਫੈਸਲਾ ਲੈਣ ਦੀ ਲੋੜ ਹੈ |

