Punjabi University Patiala: ਕੰਟਰੈਕਟ ਸਹਾਇਕ ਪ੍ਰੋਫੈਸਰਾਂ ਵੱਲੋਂ ਮੁਜ਼ਾਹਰਾ
ਮੁੱਖ ਮੰਤਰੀ ਦੇ ‘ਸਾਰੇ ਮਸਲੇ ਹੱਲ ਕਰਨ’ ਵਾਲੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਕਰਾਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਅੱਜ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਝੂਠੇ ਦਾਅਵਿਆਂ ਖਿਲਾਫ਼ ਪਟਿਆਲਾ ਸ਼ਹਿਰ ਦੇ ਦੋ ਪ੍ਰਮੁੱਖ ਚੌਕਾਂ ਸ੍ਰੀ ਦੂਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਖੰਡਾ ਚੌਕ ਅਤੇ ਫੁਹਾਰਾ ਚੌਕ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ| ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਸ ਬਿਆਨ ਦਾ ਸਖ਼ਤ ਵਿਰੋਧ ਕੀਤਾ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ‘‘ਮਾਨ ਸਰਕਾਰ ਨੇ ਪੰਜਾਬ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਹਨ ਅਤੇ ਹੁਣ ਐਕਸਟਰਾ (ਵਾਧੂ) ਕੰਮ ਕਰ ਰਹੇ ਹਾਂ।’’ੰ
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬੀ ਯੂਨੀਵਰਸਿਟੀ ਦੇ ਮੇਨ ਕੈਂਪਸ, ਰੀਜਨਲ ਸੈਂਟਰਾਂ, ਨੇਬਰਹੁੱਡ ਕੈਂਪਸਾਂ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਲਗਭਗ 150 ਕੰਟਰੈਕਟ ਸਹਾਇਕ ਪ੍ਰੋਫ਼ੈਸਰ ਪਿਛਲੇ 15 ਸਾਲਾਂ ਤੋਂ ਨਿਗੂਣੀ ਫਿਕਸ ਤਨਖ਼ਾਹ ‘ਤੇ ਕੰਮ ਕਰਨ ਲਈ ਮਜਬੂਰ ਹਨ। ਯੂ ਜੀ ਸੀ ਨਿਯਮਾਂ ਨੂੰ ਜਾਣਬੁੱਝ ਕੇ ਛਿੱਕੇ ਟੰਗਿਆ ਜਾ ਰਿਹਾ ਹੈ। ਡੇਢ ਦਹਾਕੇ ਤੋਂ ਵੱਧ ਸਮਾਂ ਸੇਵਾਵਾਂ ਨਿਭਾਉਣ ਦੇ ਬਾਵਜੂਦ ਇਨ੍ਹਾਂ ਅਧਿਆਪਕਾਂ ਨੂੰ ਹਾਲੇ ਤੱਕ ਪੱਕਾ ਨਹੀਂ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ’ਚ ਹੋਰਨਾਂ ਤੋਂ ਇਲਾਵਾ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੇ ਆਗੂ ਡਾ ਮਨਜੀਤ ਸਿੰਘ, ਡਾ ਸਿਮਰਨਜੀਤ ਕੌਰ, ਡਾ ਦਲਬੀਰ ਸਿੰਘ ਆਦਿ ਨੇ ਸੰਬੋਧਨ ਦੌਰਾਨ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਰੈਗੂਲਰ ਨਾ ਕੀਤਾ ਗਿਆ ਅਤੇ ਯੂਜੀਸੀ ਅਨੁਸਾਰ ਪੂਰੇ ਤਨਖ਼ਾਹ ਸਕੇਲ ਲਾਗੂ ਨਾ ਕੀਤੇ ਗਏ, ਤਾਂ ਇਹ ਸੰਘਰਸ਼ ਪੰਜਾਬ ਪੱਧਰ ‘ਤੇ ਤੇਜ਼ ਕੀਤਾ ਜਾਵੇਗਾ।

