ਲੋਕ ਨਿਰਮਾਣ ਮੰਤਰੀ ਵੱਲੋਂ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਘਨੌਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਇੱਥੋਂ ਨੇੜਲੇ ਪਿੰਡ ਚੱਪੜ ਵਿੱਚ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਮੌਜੂਦਗੀ ’ਚ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਅਹਿਮ ਸੜਕਾਂ ਦਾ ਨੀਂਹ ਪੱਥਰ ਰੱਖਿਆ।
ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਹਲਕੇ ਦੇ ਵਿਧਾਇਕ ਗੁਰਲਾਲ ਘਨੌਰ ਦੇ ਯਤਨਾਂ ਸਦਕਾ ਬਹਾਦਰਗੜ੍ਹ-ਘਨੌਰ-ਵਾਇਆ ਚਪੜ-ਮੰਘੌਲੀ ਅਤੇ ਬਹਾਦਰਗੜ੍ਹ-ਘਨੌਰ-ਸ਼ੰਭੂ ਸੜਕ ਦੀ ਉਸਾਰੀ ਕੀਤੀ ਜਾ ਰਹੀ ਹੈ। ਮੰਤਰੀ ਈਟੀਓ ਨੇ ਦੱਸਿਆ ਕਿ ਇਹ ਸੜਕ ਸਿਰਫ਼ ਇਲਾਕੇ ਦੀ ਆਵਾਜਾਈ ਲਈ ਹੀ ਨਹੀਂ, ਸਗੋਂ ਉਦਯੋਗਿਕ ਦ੍ਰਿਸ਼ਟੀ ਨਾਲ ਵੀ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਰੂਟ ’ਤੇ ਕਈ ਉਦਯੋਗਿਕ ਇਕਾਈਆਂ ਸਥਿਤ ਹਨ। ਉਨ੍ਹਾਂ ਨੇ ਕਿਹਾ ਕਿ ਸੜਕ ਦੀ ਲੰਬਾਈ 13.45 ਕਿੱਲੋਮੀਟਰ ਹੈ ਅਤੇ ਇਹ ਪੰਜਾਬ ਨੂੰ ਹਰਿਆਣਾ ਰਾਜ ਨਾਲ ਜੋੜਦੀ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਇਸ ਸੜਕ ਨੂੰ ਬਹੁਤ ਨੁਕਸਾਨ ਹੋਇਆ ਸੀ, ਜਿਸ ਕਰਕੇ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤ ਆ ਰਹੀ ਸੀ। ਪੰਜਾਬ ਸਰਕਾਰ ਨੇ ਲੋਕਾਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੜਕ ਦੀ ਨਵੀਨੀਕਰਨ ਲਈ 15 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਹੈ ਅਤੇ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਮੁੜ ਉਸਾਰੀ ਕਰਵਾਈ ਜਾ ਰਹੀ ਹੈ। ਵਿਧਾਇਕ ਗੁਰਲਾਲ ਘਨੌਰ ਨੇ ਵੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।