Khedan Watan Punjab Diyan ਲਈ ਕਿਊ ਆਰ ਕੋਡ ਲਾਂਚ
ਖਿਡਾਰੀਆਂ ਦੀ ਰਜਿਸਟ੍ਰੇਸ਼ਨ ਅਤੇ ਤਸਦੀਕ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਵਿੱਚ ਏ ਡੀ ਸੀ (ਜ) ਅੰਕੁਰ ਮਹਿੰਦਰੂ ਅਤੇ ਸਹਾਇਕ ਕਮਿਸ਼ਨਰ (ਜ) ਰਾਜਵੀਰ ਸਿੰਘ ਭੰਗੂ ਵੱਲੋਂ ਕਿਊ.ਆਰ. ਕੋਡ ਦੀ ਅਧਿਕਾਰਤ ਤੌਰ ’ਤੇ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਏ ਡੀ ਸੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮਕਸਦ ਸੂਬੇ ਦੇ ਬੱਚਿਆਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਖੇਡਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਊ.ਆਰ. ਕੋਡ ਦੀ ਸਹੂਲਤ ਰਾਹੀਂ ਖਿਡਾਰੀਆਂ ਨੂੰ ਖੇਡਾਂ ਸਬੰਧੀ ਲੋੜੀਂਦੀ ਜਾਣਕਾਰੀ ਤੱਕ ਆਸਾਨੀ ਨਾਲ ਪਹੁੰਚ ਮਿਲੇਗੀ ਅਤੇ ਰਜਿਸਟ੍ਰੇਸ਼ਨ ਤੇ ਤਸਦੀਕ ਦੀ ਪ੍ਰਕਿਰਿਆ ਨੂੰ ਵੀ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਵੀ ਹਾਜ਼ਰ ਸਨ।
ਮਾਲੇਰਕੋਟਲਾ ਵਿੱਚ ਸੱਤ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ
ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ 7 ਸਤੰਬਰ ਤੋਂ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਡੀ ਸੀ ਵਿਰਾਜ ਐਸ ਤਿੜਕੇ ਨੇ ਖੇਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 15 ਸਤੰਬਰ ਤੱਕ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ ਅਤੇ ਫੁਟਬਾਲ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਖਿਡਾਰੀ ਵਿਭਾਗ ਦੇ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਦੀ ਸਹੂਲਤ ਖੇਡਾਂ ਦੌਰਾਨ ਮੌਕੇ ’ਤੇ ਵੀ ਉਪਲਬਧ ਹੋਵੇਗੀ।

