ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸ਼ਹਿਰ ਨਿਵਾਸੀਆਂ ਨੂੰ ਗਲੀਆਂ ਵਿੱਚ ਖੜ੍ਹੇ ਪਾਣੀ ਕਾਰਨ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਨਗਰ ਕੌਂਸਲ ਪਾਤੜਾਂ ਦੇ ਦਫ਼ਤਰ ਸਾਹਮਣੇ ਵੀ ਸੜਕ ਉੱਤੇ ਕਾਫੀ ਪਾਣੀ ਭਰ ਗਿਆ। ਸ਼ਹਿਰ ਦੀ ਸੁਨਿਆਰ ਬਸਤੀ ਅਤੇ ਕਾਹਨਗੜ੍ਹ ਰੋਡ ਦੇ ਕਈ ਮੁਹੱਲਿਆਂ ਵਿੱਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਪਾਣੀ ਜਮ੍ਹਾਂ ਹੋ ਗਿਆ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਸਮਾਂ ਬਰਸਾਤ ਪੈਣ ਕਾਰਨ ਸ਼ਹਿਰ ਅੰਦਰ ਭਰੇ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲ ਪੇਸ਼ ਆ ਰਹੀ ਹੈ। ਜੇ ਬਰਸਾਤ ਲਗਾਤਾਰ ਹੁੰਦੀ ਹੈ ਤਾਂ ਲੋਕਾਂ ਦੇ ਘਰਾਂ ਅੰਦਰ ਪਾਣੀ ਵੜ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਹਰ ਸਾਲ ਇਸ ਸਮੱਸਿਆ ਦੇ ਨਾਲ ਦੋ ਚਾਰ ਹੋਣਾ ਪੈਦਾ ਹੈ। ਨਗਰ ਕੌਂਸਲ ਦੇ ਪ੍ਰਧਾਨ ਰਣਬੀਰ ਸਿੰਘ ਨਾਲ ਗੱਲ ਕੀਤੀ ਤਾਂ ਉਨਾਂ ਕਿਹਾ ਕਿ ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਜਲਦੀ ਹੀ ਪ੍ਰਬੰਧ ਕੀਤਾ ਜਾਵੇਗਾ ਜਿਸ ਲਈ ਸਾਢੇ ਤਿੰਨ ਕਰੋੜ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ ਅਤੇ ਇਸ ਦੀ ਮਨਜ਼ੂਰੀ ਮਿਲਣ ’ਤੇ ਤੁਰੰਤ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।