ਸਰਬਜੀਤ ਸਿੰਘ ਭੰਗੂ
ਪਟਿਆਲਾ, 16 ਜੂਨ
ਪੰਜਾਬ ਸਰਕਾਰ ਵੱਲੋਂ ਬਣਾਏ ਗਏ ‘ਐਂਪਲਾਈਜ਼ ਵੈੱਲਫੇਅਰ ਐਕਟ’ ਦੇ ਤਹਿਤ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਵਰਕਚਾਰਜ, ਐਡਹਾਕ, ਟੈਂਪਰੇਰੀ, ਡੇਲੀਵੇਜਿਜ਼, ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ‘ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ’ ਵੱਲੋਂ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਰੋਸ ਰੈਲੀ ਕੀਤੀ ਗਈ। ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਿਹਾ ਕਿ ਸਰਕਾਰ ਕੀਤੇ ਵਾਅਦਿਆਂ ਦੀ ਪੂਰਤੀ ਕਰਨ ’ਚ ਅਸਫ਼ਲ ਸਿੱਧ ਹੋਈ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਗਿਆ ਵਾਅਦਾ ਵੀ ਅਜੇ ਤੱਕ ਨਹੀਂ ਪੁਗਾਇਆ ਗਿਆ। ਉਨ੍ਹਾਂ ਮੰਗ ਕੀਤੀ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।
ਇਸ ਰੋਸ ਰੈਲੀ ਦੌਰਾਨ ਖੋਜ ਮੈਡੀਕਲ ਤੇ ਸਿੱਖਿਆ ਦੇ ਕੰਟਰੈਕਟ, ਆਊਟਸੋਰਸ, ਮਲਟੀਟਾਸਕ, ਪੈਰਾ ਮੈਡੀਕਲ, ਨਰਸਿੰਗ (ਕੰਟਰੈਕਟ), ਕਰੋਨਾ ਯੋਧੇ ਅਤੇ ਸੁਲਭ ਸੰਸਥਾ ਦੇ ਕਾਮਿਆਂ ਸਣੇ ਹੋਰਨਾ ਵਿਭਾਗਾਂ ਦੇ ਚੌਥਾ ਦਰਜਾ ਕਰਮਚਾਰੀ, ਕੰਟਰੈਕਟ, ਡੇਲੀਵੇਜਿਜ਼ ਅਤੇ ਆਊਟਸੋਰਸਿਜ਼ ਕਰਮਚਾਰੀ ਵੀ ਸ਼ਾਮਲ ਹੋਏ। ਰੈਲੀ ਮਗਰੋਂ ਇਥੇ ਸੇਵਾ ਸਿੰਘ ਠੀਕਰੀਵਾਲਾ ਚੌਕ ’ਚ ਵੀ ਧਰਨਾ ਦਿੱਤਾ ਗਿਆ। ਇਸ ਦੌਰਾਨ ਹੀ ਤਹਿਸੀਲਦਾਰ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਤੇ ਧਰਨਾ ਸਮਾਪਤ ਕਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇ ਜਲਦੀ ਇਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੀਆਂ ਗਈਆਂ, ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੇ ਸੱਦੇ ’ਤੇ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਾਉਣ ਦੀ ਮੰਗ ਨੂੰ ਲੈ ਕੇ ਯੂਨੀਅਨ ਆਗੂਆਂ ਵੱਲੋਂ ਵਣ ਮੰਡਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਸਾਥੀ ਮੇਲਾ ਸਿੰਘ ਪੁੰਨਾਂਵਾਲ ਜ਼ਿਲ੍ਹਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮਿੱਡਾ, ਜੁਆਇੰਟ ਸਕੱਤਰ ਹੰਸਰਾਜ ਦੀਦਾਰਗੜ੍ਹ, ਚੇਅਰਮੈਨ ਕੇਵਲ ਸਿੰਘ ਗੁੱਜਰਾਂ, ਪ੍ਰਧਾਨ ਨਾਜਰ ਸਿੰਘ ਈਸੜਾ (ਜੰਗਲਾਤ) ਅਤੇ ਇੰਦਰ ਸ਼ਰਮਾ ਪ੍ਰਧਾਨ ਧੂਰੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਅਤੇ ਸਰਕਾਰ ਬਣਨ ਮਗਰੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਕਮੇਟੀ ਵੀ ਗਠਿਤ ਕੀਤੀ ਗਈ ਸੀ ਜਿਸ ਨੇ ਮੁਲਾਜ਼ਮ ਆਗੂਆਂ ਨਾਲ ਮੀਟਿੰਗਾਂ ਕਰ ਕੇ ਜਲਦ ਸੇਵਾਵਾਂ ਰੈਗੂਲਰ ਕਰਨ ਦਾ ਲਿਖਤੀ ਵਾਅਦਾ ਕੀਤਾ ਗਿਆ ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ ਜਿਸ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ ਖ਼ਿਲਾਫ਼ੀ ਕਰਕੇ ਮੁਲਾਜ਼ਮਾਂ ’ਚੋਂ ਆਪਣਾ ਆਧਾਰ ਗੁਆ ਲਿਆ ਹੈ। ਆਗੂਆਂ ਨੇ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ 22 ਜੂਨ ਨੂੰ ਸਾਂਝੇ ਫਰੰਟ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਸੂਬਾਈ ਕਨਵੈਨਸ਼ਨ ਕਰ ਕੇ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਇੱਥੇ ਦੀ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਤਹਿਸੀਲ ਮਾਲੇਰਕੋਟਲਾ ਦੇ ਆਗੂਆਂ ਦੀ ਭਰਵੀਂ ਮੀਟਿੰਗ ਨੇਤਰ ਸਿੰਘ ਮੰਨਵੀ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ-ਅਰਧ ਸਰਕਾਰੀ ਵਿਭਾਗਾਂ ਵਿੱਚ ਦਹਾਕੇ ਤੋਂ ਵੱਧ ਸਮੇਂ ਤੋਂ ਕੰਮ ਕਰਦੇ ਆ ਰਹੇ ਦਿਹਾੜੀਦਾਰ, ਪਾਰਟ ਟਾਈਮ, ਠੇਕਾ ਅਤੇ ਆਊਟ ਸੋਰਸ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਨਹੀਂ ਕੀਤੀਆਂ ਜਾ ਰਹੀਆਂ। ਸ੍ਰੀ ਰਾਣਵਾਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਾਅਦਾਖ਼ਿਲਾਫ਼ੀ ਕਰ ਕੇ ਸਰਕਾਰ ਦਾ ਵਿਸ਼ਵਾਸ਼ ਗਵਾ ਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ।
ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਸਮਾਣਾ (ਅਸ਼ਵਨੀ ਗਰਗ): ਵੱਖ ਵੱਖ ਵਿਭਾਗਾਂ ਦੇ ਚੌਥਾ ਦਰਜਾ ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜਗਤਾਰ ਲਾਲ ਪ੍ਰਧਾਨ ਤਹਿਸੀਲ ਸਮਾਣਾ, ਦਰਸ਼ਨ ਸਿੰਘ ਘੱਗਾ, ਅਸ਼ੋਕ ਕੁਮਾਰ, ਪ੍ਰਦੀਪ ਸ਼ਰਮਾ, ਤਰਸੇਮ ਲਾਲ ਆਦਿ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਅਕਤੂਬਰ 2016 ਵਿੱਚ ਨੋਟੀਫਾਈ ਕੀਤੇ ਐਂਪਲਾਈਜ਼ ਵੈੱਲਫੇਅਰ ਐਕਟ ਤਹਿਤ ਕੱਚੇ ਕਾਮਿਆਂ ਨੂੰ ਤਿੰਨ ਸਾਲ ਸੇਵਾ ਪੂਰੀ ਕਰਨ ਨਿਯਮਿਤ ਕੀਤਾ ਜਾਣਾ ਸੀ ਪਰ ਮੌਜੂਦਾ ਸਰਕਾਰ ਵੱਲੋਂ ਇਸ ’ਤੇ ਅਮਲ ਨੂੰ ਰੋਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕੰਟਰੈਕਟ, ਆਊਟ ਸੋਰਸ ਸਣੇ ਸਫ਼ਾਈ ਤੇ ਸੀਵਰਮੈਨ ਕਾਮਿਆਂ ਦੀਆਂ ਸੇਵਾਵਾਂ ਤੁਰੰਤ ਨਿਯਮਿਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ ’ਤੇ ਉਹ ਸੰਘਰਸ਼ ਤੇਜ਼ ਕਰਨਗੇ।