ਰਣਜੋਧ ਹਡਾਣਾ ਵੱਲੋਂ ਵਿਕਾਸ ਕਾਰਜਾਂ ਬਾਰੇ ਚਰਚਾ
ਹਲਕਾ ਸਨੌਰ ਦੇ ਪਿੰਡਾਂ ਵਿੱਚ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਅੱਜ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਦੇਵੀਗੜ੍ਹ ਵਿੱਚ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡਾਂ ਦੇ ਬੁਨਿਆਦੀ ਢਾਂਚੇ, ਪਾਣੀ ਸਪਲਾਈ, ਸਫ਼ਾਈ ਪ੍ਰਬੰਧ, ਛੱਪੜਾਂ ਦੀ ਸਫਾਈ ਅਤੇ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਵਿਕਾਸ ਯੋਜਨਾਵਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਹਰ ਕੰਮ ਸਮੇਂ ’ਤੇ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਫ਼-ਸੁਥਰਾ ਵਾਤਾਵਰਣ, ਵਧੀਆ ਸੜਕਾਂ ਅਤੇ ਪਾਣੀ-ਨਿਕਾਸ ਪ੍ਰਣਾਲੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲਕਦਮੀ ਹੈ। ਉਨ੍ਹਾਂ ਬਲਾਕ ਪ੍ਰਧਾਨਾਂ ਨੂੰ ਕਿਹਾ ਗਿਆ ਕਿ ਉਹ ਲੋਕਾਂ ਨਾਲ ਮਿਲ ਕੇ ਹਰ ਯੋਜਨਾ ਦੀ ਪੂਰੀ ਨਿਗਰਾਨੀ ਕਰਨ ਤਾਂ ਜੋ ਵਿਕਾਸ ਦੇ ਕੰਮ ਪਾਰਦਰਸ਼ੀ ਢੰਗ ਨਾਲ ਅਤੇ ਤੇਜ਼ੀ ਨਾਲ ਪੂਰੇ ਹੋ ਸਕਣ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਬਲਾਕ ਪ੍ਰਧਾਨਾਂ ਨੂੰ ਆਪਸੀ ਸਹਿਯੋਗ ਨਾਲ ਵਿਕਾਸ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਿਆਉਣ ਦੀ ਅਪੀਲ ਕੀਤੀ।