ਲੋਕ ਵਾਟਰ ਤੇ ਸੀਵਰੇਜ ਦੇ ਗ਼ੈਰ-ਕਾਨੂੰਨੀ ਕੁਨੈਕਸ਼ਨ ਰੈਗੂਲਰ ਕਰਵਾਉਣ: ਮੇਅਰ
ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਪਾਣੀ ਅਤੇ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ ਲਈ ਵੱਡੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਮੇਅਰ ਕੁੰਦਨ ਗੋਗੀਆ ਨੇ ਕਿਹਾ ਹੈ ਕਿ ਜਿਹੜੇ ਲੋਕਾਂ ਨੇ ਵਾਟਰ ਸਪਲਾਈ ਜਾਂ ਸੀਵਰੇਜ ਦੇ ਗ਼ੈਰ-ਕਾਨੂੰਨੀ ਕੁਨੈਕਸ਼ਨ ਲਏ ਹੋਏ ਹਨ ਉਹ ਤੁਰੰਤ ਆਪਣੇ ਕੁਨੈਕਸ਼ਨ ਰੈਗੂਲਰ ਕਰਵਾ ਲੈਣ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਠੇਕੇਦਾਰ, ਅਧਿਕਾਰੀ ਜਾਂ ਕਰਮਚਾਰੀ ਦੀ ਸ਼ਮੂਲੀਅਤ ਜਾਂ ਇਸ ਪ੍ਰਤੀ ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਨਗਰ ਨਿਗਮ ਸਖ਼ਤ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗਾ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਗੈਰ-ਕਾਨੂੰਨੀ ਕੁਨੈਕਸ਼ਨਾਂ ਕਾਰਨ ਨਿਗਮ ਨੂੰ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਦੇ ਨਾਲ ਨਾਲ ਪਾਣੀ ਦੀ ਸਪਲਾਈ ਵਿੱਚ ਰੁਕਾਵਟਾਂ ਵੀ ਪੈਦਾ ਹੁੰਦੀਆਂ ਹਨ। ਉਨ੍ਹਾਂ ਨਿਗਮ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਦਿੱਤੀ ਕਿ ਇਸ ਸਬੰਧੀ ਵਿਸ਼ੇਸ਼ ਮੁਹਿੰਮ ਚਲਾ ਕੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। ਲੋਕਾਂ ਨੂੰ ਸਮਝਾਇਆ ਜਾਵੇ ਕਿ ਜੇਕਰ ਉਹ ਖੁਦ ਆਪਣੇ ਕੁਨੈਕਸ਼ਨ ਰੈਗੂਲਰ ਨਹੀਂ ਕਰਵਾਉਣਗੇ ਤਾਂ ਉਨ੍ਹਾਂ ਨੂੰ ਜੁਰਮਾਨਾ ਲਾਇਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਮੇਅਰ ਗੋਗੀਆ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੁਨੈਕਸ਼ਨ ਤੁਰੰਤ ਨਗਰ ਨਿਗਮ ਦਫ਼ਤਰ ਵਿੱਚ ਜਾ ਕੇ ਰੈਗੂਲਰ ਕਰਵਾਉਣ। ਇਸ ਨਾਲ ਨਾ ਸਿਰਫ਼ ਸ਼ਹਿਰ ਦੀ ਵਾਟਰ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਹੋਰ ਸੁਧਰੇਗੀ ਬਲਕਿ ਨਗਰ ਨਿਗਮ ਦੇ ਵਿਕਾਸ ਕਾਰਜਾਂ ਲਈ ਰੈਵੇਨਿਊ ਵਿੱਚ ਵੀ ਵਾਧਾ ਹੋਵੇਗਾ। ਮੇਅਰ ਨੇ ਕਿਹਾ ਿਕ ਉਹ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ ਇਸ ਲਈ ਉਹ ਹਰ ਯਤਨ ਕਰਨਗੇ। ਇਸ ਮੌਕੇ ਕੌਂਸਲਰ ਗਿਆਨਚੰਦ, ਮਨਦੀਪ ਸਿੰਘ ਵੀਰਦੀ, ਗੁਰ ਕ੍ਰਿਪਾਲ ਸਿੰਘ, ਨਿਸ਼ਾਂਤ, ਮੋਹਿਤ ਕੁਕਰੇਜਾ ਅਤੇ ਰੁਪਾਲੀ ਗਰਗ ਵੀ ਮੌਜੂਦ ਸਨ।