ਬਹਾਦਰ ਸਿੰਘ ਮਰਦਾਂਪੁਰ
ਘਨੌਰ, 1 ਦਸੰਬਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਸਬਾ ਘਨੌਰ ਵਿੱਚ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਦੇ ਕੰਮ ਦੀ ਸ਼ੂਰਆਤ ਕਰਵਾਈ ਹੈ। ਇਸ ਕੰਮ ’ਤੇ 83.50 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਸ੍ਰੀ ਵੜਿੰਗ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਬੱਸ ਅੱਡੇ ਦੇ ਨਵੀਨੀਕਰਨ ਦਾ ਕੰਮ ਇੱਕ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜਲਦੀ ਤੋਂ ਜਲਦੀ ਇਹਨਾਂ ਸਹੂਲਤਾਂ ਦੀ ਵਰਤੋਂ ਕਰ ਸਕਣ। ਉਨ੍ਹਾਂ ਨਾਲ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਪੀ.ਐਸ.ਪੀ.ਸੀ.ਐਲ ਦੇ ਨਵ ਨਿਯੁਕਤ ਡਾਇਰੈਕਟਰ ਗਗਨਦੀਪ ਸਿੰਘ ਜੌਲੀ ਵੀ ਮੌਜੂਦ ਸਨ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਉਨ੍ਹਾਂ ਦੀ ਤਰਜੀਹੀ ਸੂਚੀ ਵਿੱਚ ਸੀ ,ਜੋ ਪੇਂਡੂ ਵਿਕਾਸ ਦੇ ਪੰਚਾਇਤ ਵਿਭਾਗ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੀ ਸਰਬਪੱਖੀ ਵਿਕਾਸ ਲਈ ਸਰਗਰਮ ਪਹੁੰਚ ਦਾ ਭਰੋਸਾ ਦੁਆਇਆ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨਾਲ ਗੈਰਕਾਨੂੰਨੀ ਸਮਝੌਤਾ ਕਰਕੇ ਸਾਢੇ ਚਾਰ ਸਾਲ ਦਾ ਕੀਮਤੀ ਸਮਾਂ ਖਰਾਬ ਕਰ ਦਿੱਤਾ, ਜਿਸ ਦਾ ਲੋਕ ਹਿਸਾਬ ਜ਼ਰੂਰ ਲੈਣਗੇ। ਵਿਧਾਇਕ ਮਦਨ ਲਾਲ ਜਲਾਲਪੁਰ ਨੇ ਬੱਸ ਅੱਡੇ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਲਈ ਟਰਾਂਸਪੋਰਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਘਨੌਰ ਨਗਰ ਪੰਚਾਇਤ ਦੇ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ ਆਦਿ ਨੇ ਵੀ ਸੰਬੋਧਨ ਕੀਤਾ।