ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਜਨਵਰੀ
ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ ਤੇ ਯੋਜਨਾਬੰਦੀ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਤਹਿਤ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਇੱਥੇ ਐੱਸਐੱਸਪੀ ਡਾ. ਸੰਦੀਪ ਗਰਗ ਨਾਲ ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ।
ਉਨ੍ਹਾਂ ਦੱਸਿਆ ਕਿ ਇਸ ਪਰੇਡ ਵਿੱਚ 8 ਟੁਕੜੀਆਂ ਹਿੱਸਾ ਲੈਣਗੀਆਂ। ਇਨ੍ਹਾਂ ਵਿੱਚੋਂ ਦੋ ਟੁਕੜੀਆਂ ਜ਼ਿਲ੍ਹਾ ਪਟਿਆਲਾ ਦੇ ਪੁਰਸ਼ਾਂ ਅਤੇ ਇੱਕ ਟੁਕੜੀ ਮਹਿਲਾ ਵਿੰਗ ਪਟਿਆਲਾ ਦੀ ਹੋਵੇਗੀ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐੱਸ.ਪੀ. (ਸਿਟੀ)- ਮੋਹਿਤ ਅਗਰਵਾਲ ਕਰਨਗੇ।
ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਮਗਰੋਂ ਉਨ੍ਹਾਂ ਦੱਸਿਆ ਕਿਹਾ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸੇ ਦੌਰਾਨ ਐੱਸ.ਐੱਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਧਰ ਐੱਸਪੀ ਸਿਟੀ ਹਰਪਾਲ ਸਿੰਘ ਸਮੇਤ ਹੋਰ ਪੁਲੀਸ ਅਧਿਕਾਰੀ ਸੁਰੱਖਿਆ ਸਬੰਧੀ ਪ੍ਰਬੰਧਾਂ ਦੇ ਇੰਤਜ਼ਾਮ ‘ਚ ਮਸ਼ਰੂਫ ਹਨ|