ਖੇਤਰੀ ਪ੍ਰਤੀਨਿਧ
ਪਟਿਆਲਾ, 23 ਅਕਤੂਬਰ
ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੀਵਾਲੀ ਦੇ ਤਿਉਹਾਰ ਮੌਕੇ ਅਣਸੁਖਾਵੀ ਘਟਨਾ ਦੇ ਮੱਦੇਨਜ਼ਰ ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰੱਖਣ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਿਵਲ ਹਸਪਤਾਲ ਸਮਾਣਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਦੇ ਮੈਟਰਨਿਟੀ ਵਾਰਡ, ਐਮਰਜੈਂਸੀ ਵਾਰਡ ਅਤੇ ਡਾਇਲਸਿਸ ਯੂਨਿਟ ਦਾ ਦੌਰਾ ਕੀਤਾ ਅਤੇ ਵਾਰਡਾਂ ਵਿੱਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਹਸਪਤਾਲ ਦੇ ਸਟਾਫ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਸਪਤਾਲ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣ ਅਤੇ ਡਾਕਟਰਾਂ ਨੂੰ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਦਵਾਈਆਂ ਲਿਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ।