ਖੇਤਰੀ ਪ੍ਰਤੀਨਿਧ
ਪਟਿਆਲਾ, 24 ਮਈ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸਾ ਸਿੰਘਲ ਨੇ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ ’ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮਹੀਨਾਵਾਰ ਮੀਟਿੰਗ ਦੌਰਾਨ ਸਮਾਰਟ ਵਿਲੇਜ ਮੁਹਿੰਮ, ਐੱਮਪੀ ਲੈਂਡਜ਼ ਆਰਡੀਐੱਫ, ਕੈਟਲ ਫੇਅਰ ਫੰਡ ਅਤੇ ਮਗਨਰੇਗਾ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ ਕਰਦਿਆਂ ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਗੰਭੀਰਤਾ ਨਾਲ ਲਾਗੂ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਰਾਜਪੁਰਾ ਵੱਲੋਂ ਪ੍ਰਾਪਰਟੀ ਟੈਕਸ ਇਕੱਠਾ ਕਰਨ ਅਤੇ ਨਗਰ ਪੰਚਾਇਤ ਭਾਦਸੋਂ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤੇ ਬਿਲਡਿੰਗ ਫੀਸ ਵਸੂਲੀ ’ਚ ਕੀਤੇ ਬਿਹਤਰਨੀ ਕੰਮ ਦੀ ਪ੍ਰਸੰਸਾ ਕੀਤੀ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਅਣ ਅਧਿਕਾਰਤ ਕਲੋਨੀਆਂ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਚੱਲ ਰਹੀਆਂ ਗਊਸ਼ਾਲਾਵਾਂ ਤੋਂ ਆਮਦਨ ਦੇ ਸਰੋਤ ਪੈਦਾ ਕੀਤੇ ਜਾਣ ਤੇ ਖਾਦ ਬਣਾਉਣ ਸਮੇਤ ਬਾਇਓ ਗੈਸ ਪਲਾਟ ਵਰਗੇ ਪ੍ਰੋਜੈਕਟ ਲਗਾਉਣ ਲਈ ਪਲਾਨ ਤਿਆਰ ਕੀਤਾ ਜਾਵੇ।