ਖੇਤਰੀ ਪ੍ਰਤੀਨਿਧ
ਪਟਿਆਲਾ, 1 ਨਵੰਬਰ
ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਅੱਜ ਇੱਥੇ ਕਿਹਾ ਕਿ ਪਟਿਆਲਾ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੀਆਂ, ਗ਼ੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੀ ਤਸਕਰੀ ਵਰਗੀਆਂ ਭ੍ਰਿਸ਼ਟ ਗਤੀਵਿਧੀਆਂ ਨਹੀਂ ਹੋਣ ਦਿੱਤੀਆਂ ਜਾਣਗੀਆਂ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਦਫ਼ਤਰੀ ਕਰਮਚਾਰੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ’ਤੇ ਵਧੇਰੇ ਚੌਕਸ ਰਹਿਣ ਅਤੇ ਧਿਆਨ ’ਚ ਆਉਣ ’ਤੇ ਤੁਰੰਤ ਕਾਰਵਾਈ ਕਰਨ।
ਇਸੇ ਤਰ੍ਹਾਂ ਰੇਤਾ ਅਤੇ ਬਜਰੀ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕਿਸੇ ਨੂੰ ਵੀ ਇਨ੍ਹਾਂ ਵਸਤਾਂ ਲਈ, ਰਾਜ ਦੁਆਰਾ ਨਿਰਧਾਰਿਤ ਰੇਟਾਂ ਤੋਂ ਵੱਧ ਵਸੂਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹੁਣ ਤੋਂ ਰੇਤਾ 9 ਪ੍ਰਤੀ ਘਣ ਫੁੱਟ ਜਦਕਿ ਬਜਰੀ 12 ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ (ਵਾਜਬ ਢੋਆ-ਢੁਆਈ ਖਰਚੇ ਤੋਂ ਇਲਾਵਾ) ਉਪਲੱਭਧ ਹੋਵੇਗੀ। ਪੰਚਾਇਤਾਂ ਨੂੰ ਆਪਣੇ ਵਿਕਾਸ ਕਾਰਜਾਂ ਵਿੱਚ ਵਰਤੋਂ ਕਰਨ ਲਈ ਮਿੱਟੀ ਦੀ ਮਾਈਨਿੰਗ ਤੋਂ ਛੋਟ ਹੋਵੇਗੀ।
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੁਕਾਨਦਾਰਾਂ ਅਤੇ ਵਿਕਰੇਤਾਵਾਂ ਨੂੰ ਕਿਸੇ ਨਾ ਕਿਸੇ ਬਹਾਨੇ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ, ਉਨ੍ਹਾਂ ਨੂੰ ਨਿਰਵਿਘਨ ਕੰਮ-ਕਾਰ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਮਾਈਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਾਜਾਇਜ਼ ਮਾਈਨਿੰਗ ’ਤੇ ਤਿੱਖੀ ਨਜ਼ਰ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਨੋਟੀਫਾਈ ਕੀਤੇ ਰੇਟਾਂ ਦੀ ਉਲੰਘਣਾ ਨਾ ਹੋਵੇ।
ਇਸ ਦੌਰਾਨ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪਟਿਆਲਾ ਪੁਲੀਸ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਗ਼ੈਰ ਕਾਨੂੰਨੀ ਗਤੀਵਿਧੀ ਨਹੀਂ ਹੋਣ ਦੇਵੇਗੀ।