ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਜਨਵਰੀ
ਨਵੇਂ ਸਾਲ ਦੀ ਪਲੇਠੀ ਪੰਚਮੀ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਮੱਥਾ ਟੇਕਿਆ। ਗੁਰਦੁਆਰੇ ਦੇ ਮੈਨੇਜਰ ਭਗਵੰਤ ਸਿੰਘ ਭੰਗੂ ਦੀ ਦੇਖ-ਰੇਖ ਹੇਠਾਂ ਹੋਏ ਸਮਾਗਮਾਂ ਦੌਰਾਨ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਆਰੰਭ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਢਾਡੀ-ਕਵੀਸ਼ਰੀ ਜਥਿਆਂ ਭਾਈ ਚਮਕੌਰ ਸਿੰਘ, ਬੀਬੀ ਸੁਰਿੰਦਰ ਕੌਰ ਪਟਿਆਲਾ, ਬੀਬੀ ਸਤਨਾਮ ਕੌਰ ਅੰਬਾਲਾ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਗੁਰਦਿਆਲ ਸਿੰਘ ਸਨੌਰ ਨੇ ਵਾਰਾਂ ਰਾਹੀਂ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ ਸਣੇ ਹੋਰ ਵੀ ਮੌਜੂਦ ਸਨ।
ਇਸੇ ਦੌਰਾਨ ਮੈਨੇਜਰ ਭਗਵੰਤ ਸਿੰਘ ਭੰਗੂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿਹਤ ਅਤੇ ਪੁਲੀਸ ਵਿਭਾਗ ਵੱਲੋਂ ਕਰੋਨਾ ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਵੇ। ਹੈੱਡ ਗ੍ਰੰਥੀ ਗਿਆਨੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ 9 ਜਨਵਰੀ ਨੂੰ ਦੀਵਾਨ ਹਾਲ ਵਿਚ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਨਾਭਾ (ਹਰਵਿੰਦਰ ਕੌਰ ਨੌਹਰਾ): ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਡੇਰਾ ਬਾਬਾ ਅਜਪਾਲ ਸਿੰਘ ਜੀ ਘੋੜਿਆਂ ਵਾਲਿਆਂ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪਾਲਕੀ ਸਾਹਿਬ ਵਿੱਚ ਗੁਰੂ ਮਹਾਰਾਜ ਦੇ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਵੱਲੋਂ ਅਦਬ ਅਤੇ ਸਤਿਕਾਰ ਨਾਲ ਸੁਸ਼ੋਭਿਤ ਕੀਤੇ ਗਏ। ਨਗਰ ਕੀਰਤਨ ਗਿਆਨੀ ਰਾਜਿੰਦਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਤੇਜ ਸਿੰਘ ਖੋਖ, ਹਲਕਾ ਇੰਚਾਰਜ ਕਬੀਰ ਦਾਸ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ।
ਸੰਗਰੂਰ (ਮਹਿੰਦਰ ਕੌਰ ਮੰਨੂ): ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਗੁਰੂ ਨਾਨਕਪੁਰਾ ਵੱਲੋਂ ਨਗਰ ਕੀਰਤਨ ਸਜਾਇਆ ਗਿਆ| ਹੈੱਡ ਗ੍ਰੰਥੀ ਭਾਈ ਸੁੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਆਰੰਭ ਹੋਇਆ| ਇਸ ਦੌਰਾਨ ਖ਼ਾਲਸਾ ਇਤਿਹਾਸਕ ਪ੍ਰਦਰਸ਼ਨੀ ਤੇ ਅਕਾਲ ਗਤਕਾ ਗਰੁੱਪ ਮਸਤੂਆਣਾ ਸਾਹਿਬ ਦੇ ਸਿੰਘਾਂ ਦੇ ਗਤਕੇ ਦੇ ਜੌਹਰ ਸੰਗਤ ਲਈ ਖਿੱਚ ਦਾ ਕੇਂਦਰ ਬਣੇ| ਸੰਗਤ ਲਈ ਥਾਂ-ਥਾਂ ਲੰਗਰ ਲਗਾਏ ਗਏ ਸਨ|