ਪਿੰਡ ਸਾਗਰਾ ਦੇ ਸਕੂਲ ਦਾ ਨਾਂ ਆਜ਼ਾਦੀ ਘੁਲਾਟੀਏ ਅਜੈਬ ਸਿੰਘ ਦੇ ਨਾਂ ’ਤੇ ਰੱਖਿਆ
ਪਿੰਡ ਸਾਗਰਾ ਦੇ ਸਰਕਾਰੀ ਸਕੂਲ ਦਾ ਨਾਂ ਸੁਤੰਤਰਤਾ ਸੰਗਰਾਮੀ ਅਜੈਬ ਸਿੰਘ ਭੁੱਲਰ ਦੇ ਨਾਮ ’ਤੇ ਰੱਖਿਆ ਗਿਆ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਪਟਿਆਲਾ ਦੇ ਤਿੰਨ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਦੇ ਨਾਮ ’ਤੇ ਰੱਖਣ ਲਈ ਮਨਜ਼ੂਰੀ ਮਿਲੀ ਹੈ। ਐਲੀਮੈਂਟਰੀ ਸਕੂਲ ਸਾਗਰਾ ਦਾ ਨਾਮ ਸੁਤੰਤਰਤਾ ਸੰਗਰਾਮੀ ਅਜੈਬ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਸਾਗਰਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਮਾਣ ਸਨਮਾਨ ਨੂੰ ਬਹਾਲ ਰੱਖਣ ਲਈ ਸੰਘਰਸ਼ ਕੀਤਾ ਜਾ ਰਿਹਾ ਸੀ। ਸੁਤੰਤਰਤਾ ਸੰਗਰਾਮੀ ਅਜੈਬ ਸਿੰਘ ਭੁੱਲਰ ਦੇ ਪਰਿਵਾਰਕ ਮੈਂਬਰਾਂ ਚਰਨਜੀਤ ਸਿੰਘ ਭੁੱਲਰ ਅਤੇ ਹਰਨੇਕ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬਜ਼ੁਰਗਾਂ ਵਲੋਂ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਯਾਦ ਰੱਖਦਿਆਂ ਸਕੂਲ ਦਾ ਨਾਮ ਸੁਤੰਤਰਤਾ ਸੰਗਰਾਮੀ ਦੇ ਨਾਮ ’ਤੇ ਰੱਖਣਾ ਸ਼ਲਾਘਾਯੋਗ ਉਪਰਾਲਾ ਹੈ, ਆਉਣ ਵਾਲ਼ੀ ਪੀੜ੍ਹੀ ਨੂੰ ਦੇਸ਼ ਭਗਤਾਂ ਦੀ ਜੀਵਨੀ ਤੋਂ ਪ੍ਰੇਰਨਾ ਮਿਲਦੀ ਰਹੇਗੀ।