ਰਵੇਲ ਸਿੰਘ ਭਿੰਡਰ
ਪਟਿਆਲਾ, 25 ਜੁਲਾਈ
ਕਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋ ਰਹੀ ਹੈ, ਜਿਸ ਤਹਿਤ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰੋਨਾ ਨਿਯਮਾਂ ਦੇ ਦਾਇਰੇ ’ਚ ਰਹਿੰਦਿਆਂ, ਪੰਜਾਬ ਸਰਕਾਰ ਨੇ ਸਕੂਲ ਆਉਣ ਦੀ ਆਗਿਆ ਦਿੱਤੀ ਹੈ। ਇਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ 109 ਸੈਕੰਡਰੀ ਤੇ 94 ਹਾਈ ਸਕੂਲਾਂ ’ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ (ਸ) ਹਰਿੰਦਰ ਕੌਰ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਪਾਲਣ ਸਬੰਧੀ ਸਕੂਲ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਸਭ ਨੂੰ ਕੋਵਿਡ-19 ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਹੈ ਅਤੇ ਸਕੂਲਾਂ ਦੀ ਵਿਸ਼ੇਸ਼ ਸਫ਼ਾਈ ਕੀਤੀ ਗਈ ਹੈ।
ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਦੇ ਪ੍ਰਿੰਸੀਪਲ ਰਜਨੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕੂਲ ’ਚ ਪ੍ਰਵੇਸ਼ ਕਰਨ ਮੌਕੇ ਮਾਸਕ ਪਹਿਨਣ, ਸੈਨੇਟਾਈਜ਼ ਹੋਣ ਅਤੇ ਲੋੜੀਂਦੀ ਦੂਰੀ ਬਣਾ ਕੇ ਰੱਖਣ ਲਈ, ਜਮਾਤ ਇੰਚਾਰਜਾਂ ਵੱਲੋਂ ਕੀਤੀਆਂ ਜ਼ੂਮ ਬੈਠਕਾਂ ਰਾਹੀਂ ਸੁਚੇਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਕੂਲ ’ਚ ਕੋਵਿਡ-19 ਨਿਯਮਾਂ ਦੀ ਪਾਲਣਾ ਸਬੰਧੀ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।