Sewa Kendra Strike: ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ
ਪੰਜ ਦਿਨਾਂ ਤੋਂ ਸੇਵਾ ਕੇਂਦਰਾਂ ਵਿੱਚ ਕੰਮਕਾਜ ਮੁਕੰਮਲ ਤੌਰ ’ਤੇ ਠੱਪ; ਕੰਮ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
ਪਿਛਲੇ ਪੰਜ ਦਿਨਾਂ ਤੋਂ ਅਣਮਿਥੇ ਸਮੇਂ ਲਈ ‘ਕਲਮ ਛੋੜ ਹੜਤਾਲ’ ਉੱਤੇ ਚੱਲ ਰਹੇ ਸੇਵਾ ਕੇਂਦਰ ਮੁਲਾਜ਼ਮਾਂ ਨੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਕਲਮ ਛੋੜ ਹੜਤਾਲ ਦੇ ਪੰਜਵੇਂ ਦਿਨ ਵੀ ਡੀ ਸੀ ਕੰਪਲੈਕਸ ਵਿੱਚ ਸਥਿਤ ਸੇਵਾ ਕੇਂਦਰ ਵਿਚ ਕੰਮਕਾਜ ਮੁਕੰਮਲ ਰੂਪ ਵਿੱਚ ਠੱਪ ਪਿਆ ਹੈ ਅਤੇ ਸੇਵਾ ਕੇਂਦਰਾਂ ਵਿੱਚ ਪੂਰੀ ਤਰ੍ਹਾਂ ਸੁੰਨ ਪਸਰੀ ਹੋਈ ਹੈ। ਹੜਤਾਲੀ ਮੁਲਾਜ਼ਮ ਸਮੁੱਚਾ ਕੰਮਕਾਜ ਠੱਪ ਕਰਕੇ ਸੇਵਾ ਕੇਂਦਰ ਅੱਗੇ ਰੋਸ ਧਰਨੇ ’ਤੇ ਬੈਠੇ ਹਨ। ਹੜਤਾਲ ਕਾਰਨ ਸੇਵਾ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਲਗਭਗ 432 ਸੇਵਾਵਾਂ ਬਿਲਕੁਲ ਬੰਦ ਹਨ। ਸੇਵਾ ਕੇਂਦਰ ਵਿਚ ਆਪਣਾ ਕੰਮ ਕਰਾਉਣ ਪੁੱਜ ਰਹੇ ਲੋਕ ਬਗੈਰ ਕੰਮ ਹੋਇਆਂ ਵਾਪਸ ਨਿਰਾਸ਼ ਪਰਤ ਰਹੇ ਹਨ। ਸੇਵਾ ਕੇਂਦਰ ਮੁਲਾਜ਼ਮ ਵੈਲਫ਼ੇਅਰ ਐਸੋਸੀਏਸ਼ਨ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਦੱਸਿਆ ਕਿ ਅੱਜ ਮੁਹਾਲੀ ਵਿੱਚ ਸੇਵਾ ਕੇਂਦਰ ਮੁਲਾਜ਼ਮ ਵੈਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਸੂਬਾਈ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ ਜਿਸ ਤਹਿਤ 3 ਜੂਨ ਨੂੰ ਜ਼ਿਲ੍ਹਾ ਰੁਜ਼ਗਾਰ ਬਿਊਰੋ ਦਫ਼ਤਰਾਂ ਦਾ ਘਿਰਾਓ ਕਰ ਕੇ ਰੋਸ ਧਰਨੇ ਦਿੱਤੇ ਜਾਣਗੇ ਅਤੇ 6 ਜੂਨ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਜੱਦੀ ਸ਼ਹਿਰ ਵਿਚ ਸੂਬਾ ਪੱਧਰੀ ਵਿਸ਼ਾਲ ਮਹਾਂਰੈਲੀ ਕੀਤੀ ਜਾਵੇਗੀ।
ਧਰਨੇ ਵਿੱਚ ਭਾਜਪਾ ਮਹਿਲਾ ਮੋਰਚੇ ਦੀ ਪ੍ਰਧਾਨ ਨੇ ਸ਼ਿਰਕਤ ਕੀਤੀ
ਪਟਿਆਲਾ (ਸਰਬਜੀਤ ਸਿੰਘ ਭੰਗੂ): ਸੇਵਾ ਕੇਂਦਰ ਮੁਲਾਜ਼ਮ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਦਵਿੰਦਰ ਸ਼ਰਮਾ ਦੀ ਅਗਵਾਈ ਹੇਠ ਮੰਗਾਂ ਦੀ ਪੂਰਤੀ ਲਈ ਕੀਤੀ ਜਾ ਰਹੀ ਹੜਤਾਲ ਦੌਰਾਨ ਅੱਜ ਫੇਰ ਇਥੇ ਮਿਨੀ ਸਕੱਤਰਤੇ ਦੇ ਸਾਹਮਣੇ ਧਰਨਾ ਦਿਤਾ ਗਿਆ। ਧਰਨੇ ਵਿੱਚ ਅੱਜ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਸੂਬਾਈ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਪ੍ਰਦਰਸ਼ਨਕਾਰੀ ਮੁਲਾਜਮਾਂ ਦੇ ਸੰਘਰਸ਼ ਨੂੰ ਸਮਰਥਨ ਦਿੰਦਿਆਂ ਉਨ੍ਹਾਂ ਪੰਜਾਬ ਸਰਕਾਰ ਨੂੰ ਖੂਬ ਭੰਡਿਆ। ਜੈ ਇੰਦਰ ਕੌਰ ਦਾ ਕਹਿਣਾ ਸੀ ਕਿ ਸਰਕਾਰ ਖਾਸ ਕਰਕੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਨਾ ਸਿਰਫ਼ ਹੋਰਨਾਂ ਵਰਗਾਂ, ਬਲਕਿ ਮੁਲਾਜ਼ਮਾਂ ਅਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਵੀ ਅਸਫ਼ਲ ਸਿੱਧ ਹੋਈ ਹੈ। ਉਨ੍ਹਾਂ ਠੇਕੇਦਾਰੀ ਪ੍ਰਣਾਲੀ ਨੂੰ ਤੁਰੰਤ ਖਤਮ ਕਰਕੇ ਕਰਮਚਾਰੀਆਂ ਨੂੰ ਸਰਕਾਰੀ ਵਿਭਾਗਾਂ ਅਧੀਨ ਨਿਯਮਤ ਕਰਨ ਦੀ ਮੰਗ ਕੀਤੀ ਅਤੇ ਕੇਂਦਰ ਸਰਕਾਰ ਕੋਲ ਇਸ ਮੁੱਦੇ ਨੂੰ ਉਠਾਉਣ ਦਾ ਵਾਅਦਾ ਕੀਤਾ।

