ਸੀਵਰੇਜ ਬੋਰਡ ਮੁਲਾਜ਼ਮਾਂ ਵੱਲੋਂ ਹਰਪਾਲ ਚੀਮਾ ਨਾਲ ਮੀਟਿੰਗ
ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਐਂਪਲਾਈਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾਈ ਵਫ਼ਦ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਸਥਾਨਕ ਰੈਸਟ ਹਾਊਸ ਵਿੱਚ ਹੋਈ। ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਅਤੇ ਸੂਬਾ ਸਕੱਤਰ ਗਗਨਦੀਪ ਸਿੰਘ ਸੁਨਾਮ ਦੀ ਅਗਵਾਈ ਹੇਠ ਵਫ਼ਦ ਵੱਲੋਂ ਵਿੱਤ ਮੰਤਰੀ ਨਾਲ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ। ਵਿੱਤ ਮੰਤਰੀ ਵਲੋਂ ਸੀਵਰੇਜ ਬੋਰਡ ਅਤੇ ਹੋਰ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਆਊਟਸੋਰਸ ਕਾਮਿਆਂ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਸਰਕਾਰ ਸਾਰੇ ਹੀ ਵਿਭਾਗਾਂ ਦੇ ਵਿੱਚ ਕੰਮ ਕਰਦੇ ਆਊਟਸੋਰਸ ਕਾਮਿਆਂ ਦੇ ਲਈ ਇੱਕ ਨੀਤੀ ਬਣਾਉਣ ਵਿਚ ਜੁਟੀ ਹੋਈ ਹੈ ਜਿਸ ਦੇ ਲਈ ਕਮੇਟੀ ਵਲੋਂ ਇਸ ਗੱਲ ’ਤੇ ਵਿਚਾਰ ਕੀਤਾ ਜਾ ਰਿਹਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਿਆਉਣ ਦੇ ਨਾਲ ਕੋਈ ਆਰਥਿਕ ਬੋਝ ਤਾਂ ਨਹੀਂ ਪਵੇਗਾ। ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵੱਲੋਂ ਕਿਹਾ ਗਿਆ ਕਿ ਸੀਵਰੇਜ ਬੋਰਡ ਦੇ ਕਾਮਿਆਂ ਨੂੰ ਵਿਭਾਗ ਵਿੱਚ ਕਰਨ ਦੇ ਨਾਲ ਕੋਈ ਵੀ ਆਰਥਿਕ ਬੋਝ ਨਹੀਂ ਪਵੇਗਾ ਸਗੋਂ ਠੇਕੇਦਾਰਾਂ ਕੰਪਨੀਆਂ ਤੇ ਸੁਸਾਇਟੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਠੱਲ੍ਹ ਪਵੇਗੀ। ਉਕਤ ਏਜੰਸੀਆਂ ਵੱਲੋਂ ਜੋ ਪੈਸਾ ਸੀਵਰੇਜ ਬੋਰਡ ਤੋਂ ਲੈ ਕੇ ਮੁਲਾਜ਼ਮਾਂ ਨੂੰ ਤਨਖਾਹਾਂ ਦਿੱਤੀਆਂ ਜਾਂਦੀਆਂ ਹਨ, ਉਹ ਤਨਖਾਹ ਸਿੱਧੀ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਦੇਣ ਦੇ ਨਾਲ ਕੋਈ ਘਾਟਾ ਨਹੀਂ ਪਵੇਗਾ। ਅੰਤ ਵਿੱਚ ਵਿਤ ਮੰਤਰੀ ਵੱਲੋਂ ਜਥੇਬੰਦੀ ਨੂੰ 6 ਅਗਸਤ ਦੀ ਮੀਟਿੰਗ ਲਈ ਪੰਜਾਬ ਭਵਨ ਚੰਡੀਗੜ੍ਹ ਵਿੱਚ ਬੁਲਾਇਆ ਗਿਆ ਹੈ। ਇਸ ਮੌਕੇ ਸੂਬਾ ਆਗੂ ਗਗਨਦੀਪ ਸਿੰਘ ਖਡਿਆਲ, ਪ੍ਰਦੀਪ ਸਿੰਘ ਛਾਹੜ, ਕੈਬਨਿਟ ਮੰਤਰੀ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਤੇ ਅਧਿਕਾਰੀ ਵੀ ਮੌਜੂਦ ਸਨ।