ਰਾਜਪੁਰਾ: ਸੰਗਰੂਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਉਤਸ਼ਾਹ ਵਿੱਚ ਆਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰ ਦਿੱਤੀ ਹੈ। ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ 13 ਲੋਕ ਸਭਾ ਹਲਕਿਆਂ ਲਈ ਥਾਪੇ ਗਏ ਇੰਚਾਰਜਾਂ ਨੇ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਅਤੇ ਜਨਰਲ ਸਕੱਤਰ ਪ੍ਰੋਫੈਸਰ ਮੋਹਿੰਦਰਪਾਲ ਸਿੰਘ ਨੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ ਜਗਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਰਕਰਾਂ ਤੇ ਅਹੁਦੇਦਾਰਾਂ ਨਾਲ ਪਲੇਠੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਨੌਜਵਾਨਾ, ਬਜ਼ੁਰਗਾਂ ਅਤੇ ਬੀਬੀਆਂ ਨੂੰ ਪਾਰਟੀ ਲਈ ਲਾਮਬੰਦ ਕੀਤਾ ਜਾਵੇਗਾ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵੱਲੋਂ ਇਕ ਮਜ਼ਬੂਤ ਜਥੇਬੰਦਕ ਢਾਂਚਾ ਖੜ੍ਹਾ ਕੀਤਾ ਜਾਵੇਗਾ। ਇਸ ਮੌਕੇ ਰਣਬੀਰ ਸਿੰਘ, ਬਲਵਿੰਦਰ ਸਿੰਘ ਚੀਮਾ, ਰਣਜੀਤ ਸਿੰਘ ਪਟਿਆਲਾ, ਸ਼ੋਭਾ ਸਿੰਘ ਬਲਗੱਣ ਤੋਂ ਇਲਾਵਾ ਹੋਰ ਵਰਕਰ ਤੇ ਅਹੁਦੇਦਾਰ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ