ਪਾਤੜਾਂ (ਪੱਤਰ ਪ੍ਰੇਰਕ):
ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ ਵਿੱਚ ਮੀਟਿੰਗ ਹੋਈ। ਸਾਰੇ ਵਾਰਡਾਂ ਵਿੱਚ ਉਮੀਦਵਾਰ ਖੜ੍ਹੇ ਕਰਨ ਨਾਲ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਮਗਰੋਂ ਕੁੱਝ ਦਿਨਾਂ ਵਿੱਚ ਉਮੀਦਵਾਰ ਐਲਾਨਣ ਦਾ ਫ਼ੈਸਲਾ ਲਿਆ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਇਕ ਬੀਬੀ ਵਨਿੰਦਰ ਕੌਰ ਲੂੰਬਾ ਤੇ ਐੱਸਜੀਪੀਸੀ ਦੇ ਮੈਂਬਰ ਨਿਰਮਲ ਸਿੰਘ ਹਰਿਆਊ ਨੇ ਕਿਹਾ ਹੈ ਕਿ ਅਕਾਲੀ ਦਲ ਵਲੋਂ ਵਿਕਾਸ ਦੇ ਮੁੱਦੇ ਲੜੀ ਜਾ ਰਹੀ ਨਗਰ ਕੌਂਸਲ ਪਾਤੜਾਂ ਦੀ ਚੋਣ ਲਈ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ ਕੀਤੇ ਸੀ ਸੱਤਾ ਹਾਸਲ ਕਰਨ ਬਾਅਦ ਖ਼ਜ਼ਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਸਾਰੇ ਵਾਅਦਿਆਂ ਤੋਂ ਮੁਨਕਰ ਹੋ ਗਈ ਤੇ ਲੋਕ ਹੁਣ ਉਨ੍ਹਾਂ ਨੂੰ ਮੂੰਹ ਨਹੀਂ ਲਾ ਰਹੇ। ਉਨ੍ਹਾਂ ਕਿਹਾ ਹੈ ਕਿ ਸ਼ਹਿਰ ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ ਜਦੋਂ ਕਿ ਅਕਾਲੀ ਦਲ ਨੂੰ ਉਮੀਦਵਾਰਾਂ ਦੀ ਚੋਣ ਕਰਨੀ ਮੁਸ਼ਕਿਲ ਹੋ ਰਹੀ ਹੈ।