ਪੱਤਰ ਪ੍ਰੇਰਕ
ਪਟਿਆਲਾ, 16 ਅਕਤੂਬਰ
ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਧੜੇ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੂੰ ਪਾਕਿਸਤਾਨੀ ਨੰਬਰ ਤੋਂ ਵੀਡੀਓ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਹਰੀਸ਼ ਸਿੰਗਲਾ ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਐੱਸਐੱਸਪੀ ਪਟਿਆਲਾ ਸਮੇਤ ਡੀਜੀਪੀ ਪੰਜਾਬ ਅਤੇ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਮੰਗ ਪੱਤਰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਕੋਲ ਗੰਨਮੈਨ ਅਤੇ ਐਸਕਾਰਟ ਗੱਡੀ ਸੀ, ਜੋ ਹੁਣ ਪੰਜਾਬ ਸਰਕਾਰ ਨੇ ਵਾਪਸ ਲੈ ਲਈ ਹੈ। ਹੁਣ ਉਨ੍ਹਾਂ ਕੋਲ ਸਿਰਫ਼ ਜ਼ਿਲ੍ਹਾ ਪੱਧਰ ਦੇ ਗੰਨਮੈਨ ਹਨ, ਜੋ ਕਾਫ਼ੀ ਘੱਟ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਿਖਲਾਈ ਪ੍ਰਾਪਤ ਕਮਾਂਡੋ ਗੰਨਮੈਨ, ਇੱਕ ਐਸਕਾਰਟ ਗੱਡੀ ਅਤੇ ਬੁਲੇਟ ਪਰੂਫ਼ ਗੱਡੀ ਤੁਰੰਤ ਦਿੱਤੀ ਜਾਵੇ।