ਪੱਤਰ ਪ੍ਰੇਰਕ
ਪਟਿਆਲਾ, 14 ਅਕਤੂਬਰ
ਸ਼੍ਰੋਮਣੀ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਐੱਸਵਾਈਐੱਲ ਦੇ ਮੁੱਦੇ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਣੀ ਦੀ ਸਥਿਤੀ ’ਤੇ ਸਪਸ਼ਟ ਕਰਨਾ ਚਾਹੀਦਾ ਹੈ ਕਿ ਜੇ ਪੰਜਾਬ ਕੋਲ ਪਹਿਲਾਂ ਹੀ ਪਾਣੀ ਨਹੀਂ ਤਾਂ ਹਰਿਆਣਾ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਦੁਨੀਆ ਭਰ ’ਚ ਜੇ ਰਿਪੇਰੀਅਨ ਕਾਨੂੰਨ ਨੂੰ ਆਧਾਰ ਬਣਾ ਕੇ ਪਾਣੀਆਂ ਦੀ ਵੰਡ ਹੁੰਦੀ ਆਈ ਹੈ ਤਾਂ ਹਰਿਆਣਾ ਨੂੰ ਵੀ ਪਾਣੀ ਦੀ ਵੰਡ ਰਿਪੇਰੀਅਨ ਆਧਾਰ ’ਤੇ ਹੋਣੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਰਿਪੇਰੀਅਨ ਲਾਅ ਨਾਲ ਚੀਨ, ਬਰਮਾ, ਬੰਗਲਾਦੇਸ਼ ਤੇ ਪਾਕਿਸਤਾਨ ਨੂੰ ਪਾਣੀ ਮਿਲ ਰਿਹਾ ਹੈ ਤੇ ਹੁਣ ਪਾਣੀਆਂ ਦੀ ਵੰਡ ਸਮੇਂ ਪੰਜਾਬ ਨਾਲ ਧੱਕਾ ਕਿਉਂ? ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਿੱਤੀਆਂ ਜਾ ਚੁੱਕੀਆਂ ਹਨ, ਫੇਰ ਐੱਸਵਾਈਐੱਲ ਰਾਹੀਂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਪਾਣੀ ਦੇ ਘੋਰ ਸੰਕਟ ’ਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ 60:40 ਅਨੁਪਾਤ ਦੀਆਂ ਗੱਲਾਂ ਕਰਨ ਵਾਲੇ ਯਮੁਨਾ ’ਚੋਂ ਪਾਣੀ ਦੀ ਵੰਡ ਬਾਰੇ ਸਥਿਤੀ ਸਪਸ਼ਟ ਕਰਨ।