ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 23 ਫਰਵਰੀ
ਇੱਥੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਰੋਜ਼ਾਨਾ ਵਧਣ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਪੈਟਰੋਲੀਅਮ ਮੰਤਰੀ ਦੇ ਪੁਤਲੇ ਸਾੜੇ। ਇਸ ਮੌਕੇ ਹਲਕਾ ਸਨੋਰ ਦੇ ਇੰਚਾਰਜ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿਹਾ ਕਿ ਜਦੋਂ ਦੁਨੀਆਂ ਵਿੱਚ ਤੇਲ ਦੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ ਤਾਂ ਭਾਰਤ ਦੀ ਸਰਕਾਰ ਨਿਤ ਤੇਲ ਦੀਆਂ ਕੀਮਤਾਂ ਵਧਾ ਕੇ ਦੇਸ਼ ਦੇ ਮਧਵਰਗੀ ਲੋਕਾਂ ਨੂੰ ਕੁਚਲਣ ਤੇ ਲੱਗੀ ਹੋਈ ਹੈ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ 27 ਫਰਵਰੀ ਨੂੰ ਬਾਰਡਰਾਂ ’ਤੇ ਬੈਠੇ ਕਿਸਾਨਾਂ ਵੱਲੋਂ ਇੱਕ ਵੱਡਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ ਜਿਸ ਵਿੱਚ ਉਹ ਤੇ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਸ਼ਾਮਲ ਹੋਣਗੇ। ਧਰਨੇ ਨੂੰ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਤਿੰਦਰਪਾਲ ਸਿੰਘ ਰਿੰਕੀਮਾਨ, ਜੋਗਿੰਦਰ ਸਿੰਘ ਕਾਕੜਾ, ਮਾਰਕੀਟ ਕਮੇਟੀ ਦੁਧਨਸਾਧਾਂ ਦੇ ਚੇਅਰਮੈਨ ਜੀਤ ਸਿੰਘ ਮੀਰਾਂਪੁਰ, ਬਲਾਕ ਭੁਨਰਹੇੜੀ ਦੇ ਪ੍ਰਧਾਨ ਡਾ. ਗੁਰਮੀਤ ਬਿੱਟੂ ਆਦਿ ਨੇ ਸੰਬੋਧਨ ਕੀਤਾ।
ਢੀਂਡਸਾ ਵੱਲੋਂ ਿਡਪਟੀ ਕਮਿਸ਼ਨਰ ਨੂੰ ਮੰਗ ਪੱਤਰ ਅੱਜ
ਸੰਗਰੂਰ (ਪੱਤਰ ਪ੍ਰੇਰਕ): ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਦਿਨੋਂ ਦਿਨ ਵੱਧ ਰਹੀਆਂ ਕੀਮਤਾਂ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲ ਕੇ 24 ਫ਼ਰਵਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਜੌਹਲ ਨੇ ਕਿਹਾ ਕਿ ਇਸ ਲੱਕ ਤੋੜਵੇਂ ਕੀਮਤਾਂ ਦੇ ਵਾਧੇ ਬਾਰੇ ਸੂਬਾ ਸਰਕਾਰ ਚੁੱਪ ਧਾਰੀ ਬੈਠੀ ਹੈ|
ਸੀਪੀਆਈ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ
ਲਹਿਰਾਗਾਗਾ (ਪੱਤਰ ਪ੍ਰੇਰਕ): ਸੀਪੀਆਈ ਦੇ ਸੂਬਾ ਆਗੂ ਕਾਮਰੇਡ ਮਹਿੰਦਰ ਸਿੰਘ ਬਾਗੀ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਵਾਧੇ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਮੋਦੀ ਸਰਕਾਰ ਸੱਤਾ ’ਚ ਆਈ ਹੈ ਉਦੋਂ ਤੋਂ ਹੀ ਨਿੱਤ ਵਰਤੋਂ ਦੀਆਂ ਚੀਜ਼ਾਂ ਦੇ ਰੇਟ ਅਸਮਾਨੀ ਛੂਹ ਰਹੇ ਹਨ ਅਤੇ ਮੋਦੀ ਸਰਕਾਰ ਨੀਰੋ ਵਾਂਗ ਬੰਸਰੀ ਬਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਅਤੇ ਭਾਜਪਾ ਆਗੂਆਂ ਨੇ ਹੋਰਨਾਂ ਪਾਰਟੀਆਂ ਨੂੰ ਹਰੇਕ ਪੱਖੋਂ ਬਦਨਾਮ ਕਰਕੇ ਸੱਤਾ ਹਾਸਲ ਕੀਤੀ ਸੀ ਪਰ ਸੱਤਾ ਸੰਭਾਲਣ ਮਗਰੋਂ ਲੋਕ ਹਿੱਤ ਕਰਨ ਦੀ ਬਜਾਏ ਸਰਮਾਏਦਾਰ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹੀਆਂ ਛੋਟਾਂ ਦੇ ਕੇ ਅਮੀਰ ਕੀਤਾ ਜਾ ਰਿਹਾ ਹੈ। ਸ੍ਰੀ ਬਾਗੀ ਨੇ ਦਿੱਲੀ ’ਚ ਚਲ ਰਹੇ ਕਿਸਾਨ ਸੰਘਰਸ਼ ਦੀ ਹਿਮਾਇਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੰਡਾਨੀ ਤੇ ਅੰਬਾਨੀ ਨੂੰ ਲਾਭ ਪਹੁੰਚਾਉਣ ਲੱਗੀ ਹੈ। ਉਨ੍ਹਾਂ ਲਹਿਰਾਗਾਗਾ ’ਚ ਨਗਰ ਕੌਸਲ ਚੋਣਾਂ ਸਮੇਂ ਅਕਾਲੀ ਭਾਜਪਾਈਆਂ ਵੱਲੋਂ ਕੀਤੀ ਜਾ ਰਹੀ ਡਰਾਮੇਬਾਜ਼ੀ ਦੀ ਨਿਖੇਧੀ ਕੀਤੀ।