ਪੱਤਰ ਪ੍ਰੇਰਕ
ਸਮਾਣਾ, 4 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ’ਚ ਐੱਸਸੀ ਵਿੰਗ ਦੇ ਆਗੂਆਂ ਤੇ ਵਰਕਰਾਂ ਨਾਲ ਬੈਠਕ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ’ਚ ਨਕਲੀ ਸ਼ਰਾਬ ਪੀਣ ਕਾਰਨ ਸੈਂਕੜੇ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕਈ ਜਣੇ ਹਸਪਤਾਲਾਂ ਵਿਚ ਦਾਖ਼ਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿਚ ਕੁਝ ਕੁ ਅਧਿਕਾਰੀਆਂ ਨੂੰ ਸਸਪੈਂਡ ਕਰਦਿਆਂ ਅਸਲ ਦੋਸ਼ੀਆਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ। ਉਨ੍ਹਾਂ ਮਾਮਲੇ ਦੀ ਸੀਬੀਆਈ ਜਾਂ ਹਾਈ ਕੋਰਟ ਦੇ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਮਾਮਲੇ ਵਿਚ ਮ੍ਰਿਤਕਾਂ ਦੇ ਵਾਰਸਾ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿੱਚ ਜ਼ਿਆਦਾ ਲੋਕ ਮੱਧ ਵਰਗੀ ਐੱਸਸੀ ਭਾਈਚਾਰੇ ਨਾਲ ਸਬੰਧਿਤ ਹਨ। ਇਸ ਸਬੰਧੀ ਦਲ ਦੇ ਐਸਸੀ ਵਿੰਗ ਵੱਲੋਂ ਪਿੰਡ ਅਤੇ ਸ਼ਹਿਰ ਦੇ ਵਾਰਡਾਂ ਵਿਚ 6 ਅਗਸਤ ਤੋਂ ਧਰਨੇ ਦਿੱਤੇ ਜਾਣਗੇ।
ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਲਈ ਸਰਕਾਰ ਜ਼ਿੰਮੇਵਾਰ: ਸੰਧੂ
ਸਨੌਰ (ਪਟਿਆਲਾ)(ਖੇਤਰੀ ਪ੍ਰਤੀਨਿਧ): ਐੱਸਐੱਸ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਤੇਜਿੰਦਰਪਾਲ ਸਿੰਘ ਸੰਧੂ ਨੇ ਆਖਿਆ ਕਿ ਅੰਮ੍ਰਿਤਸਰ, ਤਰਨਤਾਰਨ ਤੇ ਬਟਾਲਾ ’ਚ ਜ਼ਹਿਰੀਲੀ ਸ਼ਰਾਬ ਨਾਲ ਗਈਆਂ ਜਾਨਾਂ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਪ੍ਰੈੱਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਗੁਟਕਾ ਸਾਹਿਬ ਹੱਥ ’ਚ ਫੜ੍ਹ ਕੇ ਸੂਬੇ ’ਚ ਨਸ਼ਾ ਖ਼ਤਮ ਕਰਨ ਦੀ ਗੱਲ ਆਖੀ ਸੀ, ਪਰ ਸੱਤਾ ’ਚ ਆਉਣ ਮਗਰੋਂ ਨਸ਼ਿਆਂ ਦੇ ਨਾਲ ਸ਼ਰਾਬ ਮਾਫ਼ੀਆ ਵੀ ਸਰਗਰਮ ਹੋ ਗਿਆ ਹੈ। ਜਿਸ ਵੱਲੋਂ ਜ਼ਹਿਰੀਲੀ ਸ਼ਰਾਬ ਤਿਆਰ ਕਰਕੇ ਲੋਕਾਂ ਦੀਆਂ ਜਾਨਾਂ ਤਾਂ ਲਈਆਂ ਹੀ ਹਨ, ਇਸ ਦੇ ਨਾਲ ਹੀ ਸਰਕਾਰ ਨੂੰ ਇਕੱਠੇ ਹੋਣ ਵਾਲੇ ਮਾਲੀਏ ’ਤੇ ਵੀ ਡਾਕਾ ਮਾਰਿਆ ਹੈ।