Strike Continue: ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਕਾਰਨ ਦਫ਼ਤਰਾਂ ਵਿੱਚ ਸੁੰਨ ਪਸਰੀ
ਦਫ਼ਤਰਾਂ ਵਿੱਚ ਕੰਮ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ; ਮੁਲਾਜ਼ਮਾਂ ਆਗੂਆਂ ਵੱਲੋਂ ਲੋਕਾਂ ਨੂੰ ਅਫ਼ਵਾਹਾਂ ਤੋਂ ਚੌਕਸ ਰਹਿਣ ਦੀ ਅਪੀਲ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ 17 ਅਗਸਤ ਤੋਂ ਚੱਲ ਰਹੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਦੌਰਾਨ ਅੱਜ ਸੰਗਰੂਰ ਦੇ ਦਫ਼ਤਰਾਂ ਵਿੱਚ ਮੁਲਾਜ਼ਮਾਂ ਵੱਲੋਂ ਕੰਮ ਠੱਪ ਰੱਖਿਆ ਗਿਆ। 26 ਅਗਸਤ ਨੂੰ ਵੀ ਹੜਤਾਲ ਜਾਰੀ ਰਹੇਗੀ ਅਤੇ ਹੜਤਾਲੀ ਮੁਲ਼ਜਮ ਦਫ਼ਤਰਾਂ ਅੱਗੇ ਗੇਟ ਰੈਲੀਆਂ ਕਰਨਗੇ। ਅੱਜ ਦਫ਼ਤਰਾਂ ਵਿੱਚ ਸੀਟਾਂ ਖਾਲੀ ਨਜ਼ਰ ਆਈਆਂ ਅਤੇ ਸੁੰਨ ਪਸਰੀ ਹੋਈ ਸੀ। ਇਸ ਦੌਰਾਨ ਦਫ਼ਤਰਾਂ ਵਿੱਚ ਕੰਮ ਨਾ ਹੋਣ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।
ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਭੀਖੀ, ਵਧੀਕ ਸਕੱਤਰ ਜਨਰਲ ਹਰਵਿੰਦਰ ਸਿੰਘ ਕਾਲਾ ਘਰਾਚੋਂ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਹੁਕਮ ਮੁਤਾਬਿਕ 26 ਤੱਕ ਕਲਮ ਛੋੜ ਹੜਤਾਲ ਉਪਰੰਤ 27 ਅਗਸਤ ਨੂੰ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਦਿੱਤੇ ਸੱਦੇ ਅਨੁਸਾਰ ‘ਪੰਜਾਬ ਬੰਦ’ ਦੇ ਐਕਸ਼ਨ ਵਿੱਚ ਸਮੂਹਿਕ ਛੁੱਟੀ ਲੈ ਕੇ ਸਾਂਝੇ ਤੌਰ ਤੇ ਰੋਸ ਰੈਲੀ ਅਤੇ ਰੋਸ ਮਾਰਚ ਕੀਤਾ ਜਾਵੇਗਾ। ਜਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ ਨੇ ਕਿਹਾ ਕਿ 27 ਨੂੰ ਬਾਜ਼ਾਰ ਬੰਦ ਨਹੀਂ ਹੋਣਗੇ ਜਦੋਂ ਕਿ ਮੁਲਾਜਮਾਂ ਵੱਲੋਂ ਆਪਣੀ ਸਮੂਹਿਕ ਛੁੱਟੀ ਲੈ ਕੇ ਸਿਰਫ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਕੰਮ ਬੰਦ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ਤੋਂ ਸਾਵਧਾਨ ਰਹਿਣ।
ਤਨਖਾਹਾਂ ਨਾ ਮਿਲਣ ’ਤੇ ਦਿਹਾੜੀਦਾਰ ਕਾਮਿਆਂ ਵੱਲੋਂ ਧਰਨਾ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਸੰਗਰੂਰ ਵੱਲੋਂ ਦਿਹਾੜੀਦਾਰ ਕਰਮਚਾਰੀਆਂ ਨੂੰ ਅਪਰੈਲ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਵਣ ਮੰਡਲ ਅਫਸਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਵਾਲ, ਚੇਅਰਮੈਨ ਇੰਦਰ ਧੂਰੀ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੀਤਾ ਰਾਮ ਸ਼ਰਮਾ ਨੇ ਕਿਹਾ ਕਿ ਮੰਗਾਂ ਦਾ ਨਿਪਟਾਰਾ ਨਾ ਕਰਨ ਕਾਰਨ 25 ਅਗਸਤ ਤੱਕ ਧਰਨੇ ਦਾ ਨੋਟਿਸ ਦਿੱਤਾ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ’ਤੇਜਥੇਬੰਦੀ ਵੱਲੋਂ ਮਜਬੂਰ ਹੋ ਕੇ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਰੋਸ ਧਰਨੇ ਦੌਰਾਨ ਨਵੇਂ ਆਏ ਵਣ ਮੰਡਲ ਅਫ਼ਸਰ ਵਲੋਂ ਭਰੋਸਾ ਦਿੱਤਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਮੀਟਿੰਗ ਕਰ ਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਭਰੋਸੇ ਮਗਰੋਂ ਰੋਸ ਧਰਨਾ ਸਮਾਪਤ ਕੀਤਾ ਗਿਆ। ਧਰਨੇ ਨੂੰ ਨਾਜਰ ਸਿੰਘ, ਗਮਦੂਰ ਸਿੰਘ,ਕੇਵਲ ਸਿੰਘ ਗੁੱਜਰਾਂ, ਰਾਜੂ ਸਿੰਘ ਮੰਡੀ ਬੋਰਡ, ਰਾਜ ਕੁਮਾਰ ਸਿੱਖਿਆ ਵਿਭਾਗ, ਅਮਰੀਕ ਸਿੰਘ, ਖੇਤ ਮਜ਼ਦੂਰ ਸਭਾ ਦੇ ਆਗੂ ਨਿਰੰਜਣ ਸਿੰਘ ਚਨਾਗਰਾ ਨੇ ਸੰਬੋਧਨ ਕੀਤਾ।

