
ਲਹਿਰਾਗਾਗਾ ਵਿੱਚ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਂਦੇ ਹੋਏ ਅਕਾਲੀ-ਬਸਪਾ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ।
ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਜਨਵਰੀ
ਜ਼ਿਲ੍ਹੇ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਭਰਨ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨੌਂ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿਚ 4 , ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ 3 ਅਤੇ ਸੰਗਰੂਰ ਵਿਧਾਨ ਸਭਾ ਹਲਕੇ ਵਿੱਚ 2 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ ਹਨ ਜਦੋਂ ਕਿ ਵਿਧਾਨ ਸਭਾ ਹਲਕਾ ਸੁਨਾਮ ਤੇ ਧੂਰੀ ਵਿੱਚ ਕਿਸੇ ਉਮੀਦਵਾਰ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ। ਉਨ੍ਹਾਂ ਦੱਸਿਆ ਕਿ ਹਲਕਾ ਲਹਿਰਾਗਾਗਾ ਵਿਚ ਬਲਵਿੰਦਰ ਸਿੰਘ, ਗੋਬਿੰਦ ਸਿੰਘ ਅਤੇ ਨਵਇੰਦਰਪ੍ਰੀਤ ਸਿੰਘ ਸਮੇਤ ਚਾਰ ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ ਹਨ। ਹਲਕਾ ਦਿੜ੍ਹਬਾ ਵਿਚ ਜਵਾਹਰ ਸਿੰਘ, ਅਵਤਾਰ ਸਿੰਘ ਅਤੇ ਲਾਲ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ ਜਦੋਂ ਕਿ ਸੰਗਰੂਰ ਹਲਕੇ ਵਿੱਚ ਨਰਿੰਦਰ ਕੌਰ ਭਰਾਜ ਅਤੇ ਚਰਨਜੀਤ ਕੌਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਹਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਵਿਧਾਨ ਸਭਾ ਹਲਕਾ ਲਹਿਰਾ ਤੋਂ ਆਜ਼ਾਦ ਉਮੀਦਵਾਰ ਬਲਵਿੰਦਰ ਸਿੰਘ ਤੋਂ ਇਲਾਵਾ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਤੇ ਉਨ੍ਹਾਂ ਦੇ ਪੁੱਤਰ ਨਵਇੰਦਰਪ੍ਰੀਤ ਸਿੰਘ ਕਵਰਿੰਗ ਉਮੀਦਵਾਰ ਵਜੋਂ ਅੱਜ ਐੱਸਡੀਐੱਮ ਤੇ ਚੋਣ ਅਧਿਕਾਰੀ ਲਹਿਰਾਗਾਗਾ ਨਵਰੀਤ ਕੌਰ ਸੇਖੋਂ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਪਟਿਆਲਾ ਜ਼ਿਲ੍ਹੇ ’ਚ ਅੱਜ ਤੀਜੇ ਦਿਨ 18 ਉਮੀਦਵਾਰਾਂ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਇਸ ਤਹਿਤ ਹੁਣ ਤੱਕ ਇਸ ਜ਼ਿਲ੍ਹੇ ਦੇ ਕੁੱਲ ਅੱਠ ਹਲਕਿਆਂ ਵਿੱਚੋਂ 23 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਦੱਸਿਆ ਕਿ ਅਜੇ ਵੀ ਨਾਭਾ ਹਲਕੇ ’ਚ ਅਜੇ ਤੱਕ ਕੋਈ ਨਾਮਜ਼ਦਗੀ ਨਹੀਂ ਹੋਈ। ਇਸ ਦੌਰਾਨ ਪਟਿਆਲਾ ਸ਼ਹਿਰੀ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਰਪਾਲ ਜੁਨੇਜਾ ਤੇ ਅਨੂੰ ਜੁਨੇਜਾ, ਪਟਿਆਲਾ ਦਿਹਾਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਜਸਪਾਲ ਸਿੰਘ ਬਿੱਟੂ ਚੱਠਾ ਤੇ ਬਲਜਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਭਰੇ ਜਦਕਿ ਇਸ ਹਲਕੇ ’ਚ ਤੇਜਵਿੰਦਰਪਾਲ ਸਿੰਘ ਤੇ ਦਲਬੀਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ। ਰਾਜਪੁਰਾ ਲਈ ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਵੱਲੋਂ ਜਗਜੀਤ ਸਿੰਘ ਤੇ ਆਪ ਵੱਲੋਂ ਨੀਨਾ ਮਿੱਤਲ ਤੇ ਲਵਿਸ਼ ਮਿੱਤਲ ਨੇ ਕਾਗਜ਼ ਦਾਖਲ ਕਰਵਾਏ। ਘਨੌਰ ਹਲਕੇ ’ਚ ਆਜ਼ਾਦ ਉਮੀਦਵਾਰ ਵਜੋਂ ਜਸਪਾਲ ਸਿੰਘ ਨੇ ਕਾਗਜ਼ ਦਾਖਲ ਕਰਵਾਏ ਹਨ| ਜ਼ਿਲ੍ਹਾ ਚੋਣ ਅਫਸਰ ਸੰਦੀਪ ਹੰਸ ਨੇ ਹੋਰ ਦੱਸਿਆ ਕਿ ਹਲਕਾ ਸਨੌਰ ’ਚ ਆਜ਼ਾਦ ਉਮੀਦਵਾਰ ਵਜੋਂ ਅਜੇ ਕੁਮਾਰ ਨੇ ਕਾਗਜ਼ ਭਰੇ ਹਨ| ਸਮਾਣਾ ’ਚ ਵਿਧਾਇਕ ਕਾਕਾ ਰਾਜਿੰਦਰ ਸਿੰਘ ਨੇ ਅੱਜ ਆਪਣੇ ਕਾਗਜ਼ ਦਾਖਲ ਕਰਵਾਏ| ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਭਰੇ ਗਏ ਹਨ| ਸਮਾਣਾ ਤੋਂ ਹੀ ‘ਆਪ’ ਵੱਲੋਂ ਚੇਤਨ ਸਿੰਘ ਜੌੜਾਮਾਜਰਾ ਤੇ ਸ਼ਰਨਜੀਤ ਕੌਰ ਵੱਲੋਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ ਹਨ| ਰਾਖਵੇਂ ਹਲਕੇ ਸ਼ੁਤਰਾਣਾ ’ਚ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ ਤੇ ਸਿਮਰਨ ਸਿੰਘ ਨੇ ਬਾਦਲ ਦਲ ਵੱਲੋਂ ਤੇ ਗੁਰਜੀਤ ਸਿੰਘ ਨੇ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਕਾਗਜ਼ ਦਾਖਲ ਕੀਤੇ ਗਏ ਹਨ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਅੱਜ ਪਹਿਲੇ ਦਿਨ ਤਿੰਨ ਉਮੀਦਵਾਰਾਂ ਨੇ ਮੁੱਖ ਚੋਣ ਅਧਿਕਾਰੀ ਕਮ ਐੱਸਡੀਐਮ ਪਾਤੜਾਂ ਅੰਕੁਰਜੀਤ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਹਲਕਾ ਸ਼ੁਤਰਾਣਾ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਸਮੇਤ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਪੁੱਤਰ ਐਡਵੋਕੇਟ ਸਿਮਰਜੀਤ ਸਿੰਘ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਲਦਾਲ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।
ਸਮਾਣਾ (ਸੁਭਾਸ਼ ਚੰਦਰ): ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੇ ਦੂਜੇ ਦਿਨ ਚਾਰ ਉਮੀਦਵਾਰਾਂ ਨੇ ਉਪ ਮੰਡਲ ਅਫ਼ਸਰ ਕਮ ਰਿਟਰਨਿੰਗ ਅਫਸਰ ਦੇ ਦਫਤਰ ਵਿਚ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਨ੍ਹਾਂ ਵਿੱਚ ਕਾਂਗਰਸ ਪਾਰਟੀ ਤੋਂ ਰਾਜਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਤੇ ਆਮ ਆਦਮੀ ਪਾਰਟੀ ਤੋਂ ਚੇਤਨ ਸਿੰਘ ਜੌੜਾਮਾਜਰਾ ਤੇ ਉਨ੍ਹਾਂ ਦੀ ਪਤਨੀ ਸ਼ਰਨਜੀਤ ਕੌਰ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ।
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਤੀਜੇ ਦਿਨ ਵਿਧਾਨ ਸਭਾ ਹਲਕਾ ਰਾਜਪੁਰਾ ਲਈ ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਚੋਣ ਅਫਸਰ ਵਿਧਾਨ ਸਭਾ ਹਲਕਾ ਰਾਜਪੁਰਾ ਮ੍ਰਿਦੁਲ ਬਾਂਸਲ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜਗਜੀਤ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਰਾਜਪੁਰਾ (ਦਰਸ਼ਨ ਮਿੱਠਾ): ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੇ ਅੱਜ ਐੱਸ.ਡੀ.ਐੱਮ. ਰਾਜਪੁਰਾ ਕੋਲ ਆਪਣੀ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪੁੱਤਰ ਐਡਵੋਕੇਟ ਲਵਿਸ਼ ਮਿੱਤਲ ਸਮੇਤ ਭਾਰੀ ਗਿਣਤੀ ਸਮਰਥਕ ਮੌਜੂਦ ਸਨ।
ਸਕੂਟੀ ’ਤੇ ਨਾਮਜ਼ਦਗੀ ਪੱਤਰ ਭਰਨ ਪੁੱਜੀ ‘ਆਪ’ ਉਮੀਦਵਾਰ ਭਰਾਜ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੰਗਰੂਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਸਕੂਟੀ ’ਤੇ ਸਵਾਰ ਹੋ ਕੇ ਅਤੇ ਆਪਣੇ ਮਾਤਾ ਨੂੰ ਨਾਲ ਬਿਠਾ ਕੇ ਚੋਣ ਰਿਟਰਨਿੰਗ ਅਫ਼ਸਰ-ਕਮ-ਐਸਡੀਐਮ ਦੇ ਦਫ਼ਤਰ ਪੁੱਜੇ ਅਤੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਨਰਿੰਦਰ ਕੌਰ ਭਰਾਜ ਦੀ ਮਾਤਾ ਚਰਨਜੀਤ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ