ਖ਼ੁਦਕੁਸ਼ੀ ਮਾਮਲਾ: ਨਾ ਹੋ ਸਕਿਆ ਮ੍ਰਿਤਕਾਂ ਦਾ ਸਸਕਾਰ
ਪਿੰਡ ਨਿਆਲ ਦੇ ਖੁਦਕੁਸ਼ੀ ਕਰਨ ਵਾਲੇ ਟਰੱਕ ਡਰਾਈਵਰ ਅਤੇ ਹੈਲਪਰ ਦਾ ਅੱਜ ਤੀਜੇ ਦਿਨ ਵੀ ਸਸਕਾਰ ਨਹੀਂ ਹੋ ਸਕਿਆ। ਇਸ ਦੌਰਾਨ ਜਨਤਕ ਜਥੇਬੰਦੀਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਦੋਵਾਂ ਦੀਆਂ ਲਾਸ਼ਾਂ ਪਾਤੜਾਂ-ਪਟਿਆਲਾ ਸੜਕ ’ਤੇ ਰੱਖ ਕੇ ਲਾਇਆ ਅਣਮਿੱਥੇ ਸਮੇਂ ਦਾ ਧਰਨੇ ਜਾਰੀ ਰਿਹਾ। ਜਾਣਕਾਰੀ ਅਨੁਸਾਰ ਅੱਜ ਐੱਸਪੀ (ਐੱਚ) ਵੈਰਭ ਚੌਧਰੀ ਅਤੇ ਡੀਐੱਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਧਰਨਾ ਸਮਾਪਤ ਨਾ ਕਰਨ ਦੀ ਜ਼ਿੱਦ ’ਤੇ ਅੜੇ ਰਹੇ। ਅੱਜ ਧਰਨੇ ਨੂੰ ਵੱਡੀ ਗਿਣਤੀ ਵਿੱਚ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਆਗੂਆਂ ਵੱਲੋਂ ਸਮਰਥਨ ਦੇਣ ਨਾਲ ਹੋਰ ਬਲ ਮਿਲਿਆ ਹੈ। ਇਸ ਦੌਰਾਨ ਭਾਜਪਾ ਆਗੂ ਜੈ ਇੰਦਰ ਕੌਰ, ਅਕਾਲੀ ਦਲ ਸੁਧਾਰ ਲਹਿਰ ਦੇ ਹਲਕਾ ਇੰਚਾਰਜ ਡੀਟੀਓ ਕਰਨ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ, ਭਾਜਪਾ ਆਗੂ ਨਰਾਇਣ ਸਿੰਘ ਨਰਸੋਤ ਤੇ ਗੁਰਮੇਲ ਸਿੰਘ ਘੱਗਾ ਪੁੱਜੇ।
ਐਕਸ਼ਨ ਕਮੇਟੀ ਦੇ ਆਗੂ ਅਤੇ ਪਿੰਡ ਨਿਆਲ ਦੇ ਸਰਪੰਚ ਪ੍ਰਹਲਾਦ ਸਿੰਘ ਨੇ ਦੱਸਿਆ ਕਿ 36 ਘੰਟੇ ਦੇ ਕਰੀਬ ਸਮਾਂ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਪੁਲੀਸ ਮੁਲਜ਼ਮਾਂ ਨੂੰ ਫੜ ਨਹੀਂ ਸਕੀ। ਇਸ ਤੋਂ ਸਾਫ਼ ਨਜ਼ਰ ਆਉਂਦਾ ਹੈ ਕਿ ਪੁਲੀਸ ਮੁਲਾਜ਼ਮ ਦੀ ਪੁਸ਼ਤਪਨਾਹੀ ਹੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਮੰਗਲਵਾਰ ਨੂੰ ਡੀਐੱਸਪੀ ਦਫਤਰ ਸਾਹਮਣੇ ਲਾਸ਼ਾਂ ਰੱਖ ਕੇ ਅਣਮਿੱਥੇ ਸਮੇਂ ਦਾ ਧਰਨਾ ਦਿੱਤਾ ਜਾਵੇਗਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਧੂਹੜ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਡਿਪਟੀ ਜਨਰਲ ਸਕੱਤਰ ਕੁਲਵੰਤ ਸਿੰਘ ਮੌਲਵੀਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ, ਸਮਾਜ ਸੇਵੀ ਪਲਵਿੰਦਰ ਕੌਰ ਹਰਿਆਊ, ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਮੈਂਬਰ ਪ੍ਰਿੰਸੀਪਲ ਨਿਧਾਨ ਸਿੰਘ, ਬੀਕੇਯੂ ਏਕਤਾ ਉਗਰਾਹਾਂ ਦੇ ਅਵਤਾਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਗੁਰਵਿੰਦਰ ਸਿੰਘ ਦੇਧਨਾ, ਅਕਾਲੀ ਆਗੂ ਗੋਬਿੰਦ ਸਿੰਘ ਵੀਰ ਦੀ ਅਤੇ ਰਾਮ ਚੰਦ ਚੁਨਾਗਰਾ ਆਦਿ ਹਾਜ਼ਰ ਸਨ।
ਟਰੱਕ ਅਪਰੇਟਰਾਂ ਵੱਲੋਂ ਦਿੱਲੀ-ਸੰਗਰੂਰ ਮਾਰਗ ਜਾਮ
ਟਰੱਕ ਯੂਨੀਅਨ ਪਾਤੜਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਅੱਜ ਦੂਜੇ ਦਿਨ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ’ਤੇ ਟਰੱਕ ਯੂਨੀਅਨ ਦੇ ਸਾਹਮਣੇ ਦਿੱਤੇ ਜਾ ਰਹੇ ਧਰਨਿਆਂ ਕਰਨ ਕਰਕੇ ਸਾਰੇ ਪਾਸੇ ਟਰੈਫਿਕ ਜਾਮ ਦੀ ਸਥਿਤੀ ਬਣੀ ਰਹੀ। ਇਸ ਦੌਰਾਨ ਦੋਵੇਂ ਸੜਕਾਂ ’ਤੇ ਟਰੈਫਿਕ ਜਾਮ ਕਰਕੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਪਰ ਪ੍ਰਦਰਸ਼ਨਕਾਰੀਆਂ ਵੱਲੋਂ ਸਕੂਲ ਬੱਸਾਂ ਅਤੇ ਐਂਬੂਲੈਂਸ ਨੂੰ ਆਮ ਦੀ ਤਰ੍ਹਾਂ ਰਸਤਾ ਦਿੱਤਾ ਗਿਆ। ਪ੍ਰਦਰਸ਼ਨਕਾਰੀ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵੈਰ ਨਹੀਂ ਪੁਲੀਸ ਮੁਲਜ਼ਮਾਂ ਗ੍ਰਿਫਤਾਰ ਕਰ ਸਮੱਸਿਆ ਹੱਲ ਕਰੇ।
ਮੁਲਜ਼ਮਾਂ ’ਚੋਂ ਇਕ ਕਾਬੂ: ਡੀਐੱਸਪੀ ਚੌਹਾਨ
ਡੀਐੱਸਪੀ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿੱਚੋਂ ਦੇਸਾ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਸ ਨੂੰ ਅਦਾਲਤ ਨੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਬਾਕੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀ ਹੈ।