ਖ਼ੁਦਕੁਸ਼ੀ: ਸੰਘਰਸ਼ ਕਮੇਟੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਬਜ਼ਿੱਦ
ਪਿੰਡ ਨਿਆਲ ਵਿੱਚ ਖ਼ੁਦਕੁਸ਼ੀ ਕਰਨ ਵਾਲੇ ਟਰੱਕ ਡਰਾਈਵਰ ਅਤੇ ਹੈਲਪਰ ਦੀ ਮੌਤ ਦੇ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਅਣਮਿੱਥੇ ਸਮੇਂ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਵੱਲੋਂ ਪਾਤੜਾਂ-ਪਟਿਆਲਾ ਸੜਕ ’ਤੇ ਨਿਆਲ ਬਾਈਪਾਸ ਚੌਕ ਵਿੱਚ ਟਰੈਫਿਕ ਜਾਮ ਕੀਤੀ ਗਈ। ਜਾਣਕਾਰੀ ਅਨੁਸਾਰ ਐੱਸਡੀਐੱਮ ਪਾਤੜਾਂ ਅਸ਼ੋਕ ਕੁਮਾਰ, ਤਹਿਸੀਲਦਾਰ ਪਾਤੜਾਂ ਸੁਵੱਪਨਦੀਪ ਕੌਰ ਤੇ ਡੀਐੱਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਐਲਾਨੀ ਦੋ-ਦੋ ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦੇਣ ਦੀ ਕੋਸ਼ਿਸ਼ ਕੀਤੀ ਗਈ ਪਰ ਮ੍ਰਿਤਕ ਦੇ ਪਰਿਵਾਰਾਂ ਤੇ ਸੰਘਰਸ਼ ਕਮੇਟੀ ਨੇ ਚੈੱਕ ਲੈਣ ਤੋਂ ਇਨਕਾਰ ਕਰ ਦਿੱਤਾ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀ ਆਪਣੀ ਜ਼ਿੱਦ ’ਤੇ ਅੜੇ ਰਹੇ। ਕਿਸਾਨ ਆਗੂ ਮਨਜੀਤ ਸਿੰਘ ਨਿਆਲ, ਗੁਰਮੇਲ ਸਿੰਘ ਘੱਗਾ ਅਤੇ ਪ੍ਰਹਿਲਾਦ ਸਿੰਘ ਨਿਆਲ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੋ ਦੋ ਲੱਖ ਰੁਪਏ ਦੇ ਚੈੱਕ ਦੇਣ ਆਉਣ ਤੋਂ ਪਹਿਲਾਂ ਸੰਘਰਸ਼ ਕਮੇਟੀ ਅਤੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਸੀ। ਉਨ੍ਹਾਂ ਅਤੇ ਧਰਨਾਕਾਰੀਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕਾਰਵਾਈ ਦਾ ਬੁਰਾ ਮਨਾਇਆ ਅਤੇ ਵਾਰ-ਵਾਰ ਐਲਾਨ ਕਰਨ ’ਤੇ ਦੋਵਾਂ ਪਰਿਵਾਰਾਂ ਵਿੱਚੋਂ ਕੋਈ ਵੀ ਮੈਂਬਰ ਉੱਠ ਕੇ ਸਾਹਮਣੇ ਨਹੀਂ ਆਇਆ। ਆਗੂਆਂ ਨੇ ਕਿਹਾ ਹੈ ਕਿ ਇੱਕ ਪਾਸੇ ਉਨ੍ਹਾਂ ਦੇ ਪਿੰਡ ਦੇ ਦੋ ਵਿਅਕਤੀਆਂ ਦੀਆਂ ਲਾਸ਼ਾਂ ਫਰਿੱਜ਼ਾਂ ਵਿੱਚ ਪਈਆਂ ਹਨ। ਦੂਸਰੇ ਪਾਸੇ ਪੰਜਾਬ ਸਰਕਾਰ ਤੁੱਛ ਰਾਸ਼ੀ ਦੇ ਕੇ ਧਰਨਾਕਾਰੀਆਂ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਖਰੀਦਣਾ ਚਾਹੁੰਦੀ ਹੈ, ਅਜਿਹਾ ਕਿਸੇ ਵੀ ਕੀਮਤ ’ਤੇ ਨਹੀਂ ਹੋਵੇਗਾ, ਜਦੋਂ ਤੱਕ ਪੁਲੀਸ ਮੁਲਜ਼ਮਾਂ ਨੂੰ ਫੜ ਕੇ ਜੇਲ੍ਹਾਂ ਅੰਦਰ ਬੰਦ ਨਹੀਂ ਕਰ ਦਿੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।