ਖ਼ੁਦਕੁਸ਼ੀ: ਪਾਤੜਾਂ-ਪਟਿਆਲਾ ਸੜਕ ’ਤੇ ਤਿੰਨ ਦਿਨਾਂ ਤੋਂ ਆਵਾਜਾਈ ਠੱਪ
ਪਿੰਡ ਨਿਆਲ ਦੇ ਖੁਦਕੁਸ਼ੀ ਕਰਨ ਵਾਲੇ ਟਰੱਕ ਡਰਾਈਵਰ ਅਤੇ ਹੈਲਪਰ ਦੀ ਮੌਤ ਦੇ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਅਣਮਿੱਥੇ ਸਮੇਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਪ੍ਰਦਰਸ਼ਨਕਾਰੀਆਂ ਵੱਲੋਂ ਪਾਤੜਾਂ-ਪਟਿਆਲਾ ਮਾਰਗ ’ਤੇ ਨਿਆਲ ਬਾਈਪਾਸ ਚੌਕ ਵਿੱਚ ਧਰਨੇ ਕਾਰਨ ਸਾਰੇ ਪਾਸੇ ਟਰੈਫਿਕ ਜਾਮ ਦੀ ਸਥਿਤੀ ਬਣੀ ਰਹੀ। ਏਡੀਸੀ ਪਟਿਆਲਾ ਈਸ਼ਾ ਸਿੰਗਲ, ਐੱਸਪੀ (ਐੱਚ) ਵੈਭਵ ਚੌਧਰੀ, ਸੇਵਾਮੁਕਤ ਐੱਸਪੀ ਜਸਵਿੰਦਰ ਸਿੰਘ ਟਿਵਾਣਾ, ਐੱਸਡੀਐੱਮ ਪਾਤੜਾਂ ਅਸ਼ੋਕ ਕੁਮਾਰ ਤੇ ਡੀਐੱਸਪੀ ਇੰਦਰਪਾਲ ਸਿੰਘ ਚੌਹਾਨ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀ ਆਪਣੀ ਜ਼ਿੱਦ ਉੱਤੇ ਅੜੇ ਰਹੇ।
ਮੰਗਲਵਾਰ ਨੂੰ ਧਰਨੇ ਪ੍ਰਦਰਸ਼ਨਾਂ ਨੂੰ ਵੱਡੀ ਗਿਣਤੀ ਵਿੱਚ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਆਗੂਆਂ ਵੱਲੋਂ ਪਹੁੰਚ ਕੇ ਸਮਰਥਨ ਦੇਣ ਦੇ ਕੀਤੇ ਗਏ ਐਲਾਨਾਂ ਨਾਲ ਰੋਸ ਪ੍ਰਦਰਸ਼ਨ ਨੂੰ ਹੋਰ ਬਲ ਮਿਲਿਆ ਹੈ। ਧਰਨੇ ਵਿੱਚ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਪ੍ਰਗਟ ਸਿੰਘ ਜਾਮਾ ਰਾਏ, ਵਿਧਾਨ ਸਭਾ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਉੜੀਸਾ ਤੇ ਰਾਜਸਥਾਨ ਤੋਂ ਟਰੱਕ ਯੂਨੀਅਨ ਦੇ ਆਗੂਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਪਹੁੰਚ ਕੇ ਧਰਨੇ ਨੂੰ ਸਮਰਥਨ ਦਿੱਤਾ । ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਪ੍ਰਗਟ ਸਿੰਘ ਜਾਮਾ ਰਾਏ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੋਣ ਦਾ ਦਮ ਭਰਦੀ ਸੀ। ਅੱਜ ਲੋਕ ਇਨਸਾਫ ਦੀ ਮੰਗ ਨੂੰ ਲੈ ਕੇ ਸੜਕਾਂ ਉੱਤੇ ਹਨ ਪਰ ਸਰਕਾਰਾਂ ਮਹਿਲਾਂ ਵਿੱਚ ਸੁੱਤੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਸਿਖਰ ਤੱਕ ਲੈ ਕੇ ਜਾਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜ ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਪੁਲੀਸ ਵੱਲੋਂ ਮੁਲਜ਼ਮਾਂ ਫੜਿਆ ਨਹੀਂ ਗਿਆ।
ਏਡੀਸੀ ਵੱਲੋਂ ਵਾਰਸਾਂ ਨੂੰ ਦੋ-ਦੋ ਲੱਖ ਦੀ ਸਹਾਇਤਾ ਦਾ ਐਲਾਨ
ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਪੁੱਜੇ ਏਡੀਸੀ ਈਸ਼ਾ ਸਿੰਗਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਸਿਵਲ ਤੇ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਪਰਿਵਾਰਾਂ ਦੇ ਨਾਲ ਹੈ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਵਰਤੀ ਜਾਵੇਗੀ। ਉਨ੍ਹਾਂ ਮ੍ਰਿਤਕ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਦੋ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ।