ਪੱਤਰ ਪ੍ਰੇਰਕ
ਪਾਤੜਾਂ, 16 ਫ਼ਰਵਰੀ
ਹਲਕਾ ਸ਼ੁਤਰਾਣਾ ’ਚ ਰਹਿੰਦੇ ਬਹੁਗਿਣਤੀ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਮੀਟਿੰਗ ਕਰਨ ਮਗਰੋਂ ਅਕਾਲੀ ਦਲ-ਬਸਪਾ ਗਠਜੋੜ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਸਮਰਥਨ ਦੇਣ ਦੇ ਨਾਲ-ਨਾਲ ਚੋਣ ਪ੍ਰਚਾਰ ਕੀਤੇ ਜਾਣ ਦਾ ਐਲਾਨ ਕੀਤਾ। ਰੂਹਾਨੀ ਮਸਜਿਦ ਪਾਤੜਾਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਆਸ਼ੀਨ ਖਾਨ, ਕਲਵਾਣੂੰ ਪਿੰਡ ਦੀ ਮਸਜਿਦ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰੰਗੀ ਖਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਬੀਬੀ ਵਨਿੰਦਰ ਕੌਰ ਲੂੰਬਾ ਨੇ ਮੁਸਲਿਮ ਭਾਈਚਾਰੇ ਵਲੋਂ ਰੂਹਾਨੀ ਮਸਜਿਦ ਬਣਾਏ ਜਾਣ ’ਚ ਕਾਫੀ ਸਹਿਯੋਗ ਦਿੱਤਾ ਸੀ ਅਤੇ ਧਰਮ ਨਿਰਪੱਖ ਹੋਣ ਦਾ ਸਬੂਤ ਦਿੰਦਿਆਂ ਉਨ੍ਹਾਂ ਵੱਲੋਂ ਹੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਸਨ। ਉਨ੍ਹਾਂ ਵਲੋਂ ਮੁਸਲਿਮ ਭਾਈਚਾਰੇ ਦੀ ਭਲਾਈ ਦੇ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਬੀਬੀ ਲੂੰਬਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਤੇ ਕਰਦਾ ਰਹੇਗਾ।