ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 16 ਜੂਨ
ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਸੱਦੇ ’ਤੇ ਸਫ਼ਾਈ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਯੂਨੀਅਨ ਦੇ ਸੂਬਾਈ ਆਗੂਆਂ ਹੰਸ ਰਾਜ ਬਨਵਾੜੀ, ਭਰਤ ਬੇਦੀ ਸੰਗਰੂਰ, ਗੁਲਸ਼ਨ ਕੁਮਾਰ ਬਰਨਾਲਾ, ਸੋਮਨਾਥ ਚੋਬਰ ਮੋਗਾ, ਕੁਲਦੀਪ ਕਾਂਗੜਾ ਫ਼ਰੀਦਕੋਟ, ਮਨੋਜ ਰਾਣੀ ਧੂਰੀ, ਰਮੇਸ਼ ਕੁਮਾਰ ਅਤੇ ਸਤਪਾਲ ਦੀ ਅਗਵਾਈ ਵਿੱਚ ਰਾਜਪੁਰਾ-ਪਟਿਆਲਾ ਮਾਰਗ ’ਤੇ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ ਗਿਆ। ਸੜਕੀ ਆਵਾਜਾਈ ਠੱਪ ਹੋਣ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਰਾਹਗੀਰਾਂ ਨੂੰ ਦੋ ਘੰਟੇ ਤੱਕ ਖੱਜਲ ਹੋਣਾ ਪਿਆ। ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਮੰਤਰੀ ਬ੍ਰਹਮ ਮਹਿੰਦਰਾ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਪੁਤਲਾ ਫੂਕਿਆ ਗਿਆ।
ਇਸ ਮੌਕੇ ਯੂਨੀਅਨ ਆਗੂਆਂ ਨੇ ਆਖਿਆ ਕਿ ਸਫ਼ਾਈ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਹਨ। ਸਰਕਾਰ ਵੱਲੋਂ ਯੂਨੀਅਨ ਆਗੂਆਂ ਨਾਲ ਮੰਗਾਂ ਸਬੰਧੀ ਮੀਟਿੰਗ ਤੈਅ ਕਰ ਕੇ ਵਾਰ ਵਾਰ ਮੁਲਤਵੀ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਕੱਚੇ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਠੇਕਾ ਪ੍ਰਣਾਲੀ ਬੰਦ ਕਰ ਕੇ ਖਾਲੀ ਅਸਾਮੀਆਂ ਭਰੀਆਂ ਜਾਣ, ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰ ਕੇ ਡੀਏ ਦੀਆਂ ਬਕਾਇਆ ਕਿਸ਼ਤਾਂ ਦਿੱਤੀਆਂ ਜਾਣ, ਇਸ ਤੋਂ ਇਲਾਵਾ ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਨੂੰ ਬਿਨਾਂ ਦੇਰੀ ਨੌਕਰੀ ਦਿੱਤੀ ਜਾਵੇ। ਆਗੂਆਂ ਨੇ ਆਖਿਆ ਕਿ ਜੇ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।
ਮੌਕੇ ’ਤੇ ਪੁੱਜੇ ਤਹਿਸੀਲਦਾਰ ਰਾਜਪੁਰਾ ਰਮਨਦੀਪ ਕੌਰ ਵੱਲੋਂ ਯੂਨੀਅਨ ਆਗੂਆਂ ਦੀ ਮੀਟਿੰਗ ਅੱਜ ਸ਼ਾਮ ਨੂੰ ਏਡੀਸੀ ਪਟਿਆਲਾ ਨਾਲ ਤੈਅ ਕਰਵਾਏ ਜਾਣ ’ਤੇ ਧਰਨਾਕਾਰੀਆਂ ਨੇ ਧਰਨਾ ਚੁੱਕ ਦਿੱਤਾ।
ਲੋਕਾਂ ਲਈ ਮੁਸੀਬਤ ਬਣੇ ਗੰਦਗੀ ਦੇ ਢੇਰ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਸਫ਼ਾਈ ਸੇਵਕਾਂ ਵੱਲੋਂ ਮਿਊਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ’ਤੇ ਨਗਰ ਕੌਂਸਲ ਦਫ਼ਤਰ ਅੱਗੇ ਸਫ਼ਾਈ ਦੇ ਕੰਮ ਦਾ ਮੁਕੰਮਲ ਬਾਈਕਾਟ ਕਰ ਕੇ ਦਿੱਤਾ ਜਾ ਰਿਹਾ ਅਣਮਿਥੇ ਸਮੇਂ ਦਾ ਧਰਨਾ ਅੱਜ 35ਵੇਂ ਦਿਨ ’ਚ ਦਾਖ਼ਲ ਹੋ ਗਿਆ। ਕੱਲ੍ਹ ਸ਼ਾਮੀ ਆਏ ਝੱਖੜ ਤੇ ਬਾਰਸ਼ ਕਰ ਕੇ ਗਲੀ ਮੁਹੱਲਿਆਂ ਤੇ ਬਾਜ਼ਾਰਾਂ ’ਚ ਫੈਲੀ ਗੰਦਗੀ ਆਮ ਲੋਕਾਂ ਲਈ ਮੁਸੀਬਤ ਬਣ ਰਹੀ ਹੈ। ਆਵਾਰਾ ਪਸ਼ੂ ਗੰਦਗੀ ਨੂੰ ਸੜਕਾਂ ’ਤੇ ਖਿਲਾਰ ਕੇ ਰਾਹਗੀਰਾਂ ਦੀਆਂ ਮੁਸ਼ਕਿਲਾਂ ਵਧਾ ਰਹੇ ਹਨ। ਉਧਰ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ’ਤੇ ਸਮੂਹ ਸਫ਼ਾਈ ਸੇਵਕ ਸਥਾਨਕ ਸਰਕਾਰ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਪਟਿਆਲਾ ਸਥਿਤ ਕੋਠੀ ਦਾ 22 ਜੂਨ ਨੂੰ ਘਿਰਾਓ ਕਰਨ ਲਈ ਵੱਖ ਵੱਖ ਵਾਲਮੀਕਿ ਮਹੱਲਿਆਂ ’ਚ ਮੀਟਿੰਗਾਂ ਕਰ ਰਹੇ ਹਨ।