ਖੇਤਰੀ ਪ੍ਰਤੀਨਿਧ
ਸਨੌਰ(ਪਟਿਆਲਾ), 20 ਜਨਵਰੀ
ਬਹਾਦਰਗੜ੍ਹ ਸਥਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਨਤਮਸਤਕ ਹੋਏ।
ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ, ਸਿੰਘ ਸਾਹਿਬ ਨੇ ਕਿਹਾ ਕਿ ਗੁਰੂ ਸਾਹਿਬ ਅਜਿਹੇ ਧਾਰਮਿਕ ਰਹਬਿਰ ਸਨ, ਜਿਨ੍ਹਾਂ ਨੇ ਰਾਜਨੀਤਕ, ਸਮਾਜਿਕ, ਧਾਰਮਿਕ ਸਭਿਆਚਾਰ ਦਾ ਮਾਹੌਲ ਸਿਰਜਿਆ। ਉਨ੍ਹਾ ਹੋਰ ਕਿਹਾ ਕਿ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਦੀ ਜੋਤ ਸਨ, ਜਿਨਾਂ ਨੇ ਸਮੁੱਚੀ ਲੋਕਾਈ ਨੂੰ ‘ਸ਼ਬਦ ਗੁਰੂ’ ਨਾਲ ਜੋੜ ਕੇ ਕਈ ਬੰਧਨਾਂ ਤੋਂ ਮੁਕਤ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਸਿਧਾਂਤ ਅਤੇ ਗੁਰੂ ਸਾਹਿਬਾਨ ਦੀ ਜੀਵਨ ਵਿਚਾਰਧਾਰਾ ਅਤੇ ਉਦੇਸ਼ ਨੂੰ ਜੀਵਨ ਜਾਂਚ ਰਾਹੀਂ ਅਮਲੀ ਜਾਮਾ ਪਹਿਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ ਅਤੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸਿੰਘ ਸਾਹਿਬ ਨੂੰ ਸਿਰੋਪਾਓ ਭੇਟ ਕੀਤਾ ਗਿਆ।ਇੱਥੋਂ ਜਥੇਦਾਰ ਹਰਪ੍ਰੀਤ ਸਿੰਘ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋ ਗਏ।