Teachers Protest: ਪੰਜਾਬੀ ’ਵਰਸਿਟੀ ਕੰਟਰੈਕਟ ਅਧਿਆਪਕਾਂ ਵੱਲੋਂ ਰੈਲੀ
ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ; ਮੰਗਾਂ ਮੰਨਣ ਦੀ ਅਪੀਲ
ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਅਸੋਸੀਏਸ਼ਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ਵਿੱਚ ਰੋਸ ਰੈਲੀ ਕੀਤੀ ਗਈ। ਇਸ ਦੀ ਸ਼ੁਰੂਆਤ ਵਾਈਸ ਚਾਂਸਲਰ ਦਫ਼ਤਰ ਤੋਂ ਹੋਈ, ਜੋ ਰਜਿਸਟਰਾਰ ਦਫ਼ਤਰ ਅਤੇ ਲਾਇਬ੍ਰੇਰੀ ਤੋਂ ਹੁੰਦੀ ਹੋਈ ਯੂਨੀਵਰਸਿਟੀ ਦੇ ਮੁੱਖ ਗੇਟ ਤੱਕ ਪਹੁੰਚੀ ਅਤੇ ਉਥੋਂ ਵਾਪਸ ਵਾਈਸ ਚਾਂਸਲਰ ਦਫ਼ਤਰ ਵਿੱਚ ਸਮਾਪਤ ਹੋਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਕੁਝ ਸਮੇਂ ਲਈ ਯੂਨੀਵਰਸਿਟੀ ਦਾ ਮੁੱਖ ਗੇਟ ਵੀ ਬੰਦ ਕੀਤਾ ਗਿਆ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਦੀਆਂ ਨੀਤੀਆਂ ਅਤੇ ਮੰਗਾਂ ਪ੍ਰਤੀ ਅਣਗਹਿਲੀ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ। ਹਮਾਇਤੀ ਧਿਰ ਵਜੋਂ ਪੂਟਾ ਵੱਲੋਂ ਡਾ. ਸੁਖਜਿੰਦਰ ਬੁੱਟਰ ਅਤੇ ਅਧਿਆਪਕ ਆਗੂ ਜਸਪ੍ਰੀਤ ਸਿੰਘ ਜੱਸੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਰੈਲੀ ਨੂੰ ਜਥੇਬੰਦੀ ਦੇ ਵਾਈਸ ਪ੍ਰਧਾਨ ਰਾਜ ਮਹਿੰਦਰ ਕੌਰ, ਡਾ. ਦਲਵੀਰ ਸਿੰਘ, ਅਸਿਸਟੈਂਟ ਪ੍ਰੋਫੈਸਰ ਸੁਰਿੰਦਰ ਸਿੰਘ ਅਤੇ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਅਸੋਸੀਏਸ਼ਨ ਜਨਰਲ ਸਕੱਤਰ ਰਮਨਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੰਟਰੈਕਟ ਅਧਿਆਪਕ ਲੰਬੇ ਸਮੇਂ ਤੋਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਹੱਲ ਨਹੀਂ ਕੀਤਾ ਜਾ ਰਿਹਾ। ਬੁਲਾਰਿਆਂ ਨੇ 73 ਰੈਗੂਲੇਸ਼ਨ 2010 ਅਤੇ 2018 ਨੂੰ ਲਾਗੂ ਕਰਨ ਅਤੇ ਹਾਈ ਕੋਰਟ ਵੱਲੋਂ ਅਧਿਆਪਕਾਂ ਦੇ ਹੱਕ ਵਿੱਚ ਦਿੱਤੇ ਗਏ ਫੈਸਲੇ ਨੂੰ ਲਾਗੂ ਕਰਨ ’ਤੇ ਜ਼ੋਰ ਦਿਤਾ। ਅਧਿਆਪਕ ਜਥੇਬੰਦੀ ਅਤੇ ਪੰਜਾਬੀ ਯੂਨੀਵਰਸਿਟੀ ਟੀਚਰ ਅਸੋਸੀਏਸ਼ਨ ਸਣੇ ਪੀ ਐੱਸ ਯੂ ਲਲਕਾਰ ਵੱਲੋਂ ਵੀ ਇਸ ਪ੍ਰਦਰਸ਼ਨ ’ਚ ਸ਼ਮੂਲੀਅਤ ਕਰਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਦਾ ਵਿਰੋਧ ਕੀਤਾ ਗਿਆ। ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਧਰਨਾ ਜਾਰੀ ਰਹੇਗਾ।

