ਸਰਬਜੀਤ ਸਿੰਘ ਭੰਗੂ
ਪਟਿਆਲਾ, 11 ਜਨਵਰੀ
ਭੜਕਾਊ ਗੀਤ ਗਾਉਣ ਦੇ ਮਾਮਲੇ ਨੂੰ ਲੈ ਕੇ ਪਟਿਆਲਾ ਪੁਲੀਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਗਾਇਕ ਸ੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਸਬੰਧੀ ਸੋਸ਼ਲ ਮੀਡੀਆ ’ਤੇ ਨਸ਼ਰ ਖ਼ਬਰਾਂ ਦਾ ਖੰਡਨ ਕਰਦਿਆਂ, ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲੀਸ ਵੱਲੋਂ ਅਜਿਹੀ ਕੋਈ ਗਿ੍ਰਫ਼ਤਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਗਾਇਕ ਜੱਸ ਬਾਜਵਾ ਨੂੰ ਸੰਮਨ ਕੀਤਾ ਗਿਆ ਹੈ। ਐੱਸਐੱਸਪੀ ਨੇ ਕਿਹਾ ਕਿ ਗਾਇਕ ਸ੍ਰੀ ਬਰਾੜ ਦੀ ਗ੍ਰਿਫ਼ਤਾਰੀ ਵੀ ਉਸ ਦੇ ਗੀਤ ‘ਜਾਨ’ ’ਚ ਪਟਿਆਲਾ ਦੀ ਕਾਨੂੰਨ ਤੇ ਵਿਵਸਥਾ ਨੂੰ ਨਿਸ਼ਾਨਾ ਬਣਾਉਣ ਅਤੇ ਲਾ-ਕਾਨੂੰਨੀ ਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ’ਚ ਕੀਤੀ ਗਈ ਸੀl ਪੁਲੀਸ ਮੁਖੀ ਨੇ ਸਪੱਸ਼ਟ ਕੀਤਾ ਕਿ ਬਰਾੜ ਦੀ ਗ੍ਰਿਫ਼ਤਾਰੀ ਦਾ ਕਿਸਾਨ ਐਂਨਥਮ/ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।