ਖੇਤਰੀ ਪ੍ਰਤੀਨਿਧ
ਪਟਿਆਲਾ, 23 ਅਕਤੂਬਰ
ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੰਜ ਲੱਖ 15 ਹਜ਼ਾਰ 834 ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਪੰਜ ਲੱਖ 12 ਹਜ਼ਾਰ 192 ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 802.84 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਨੇ 2,06,987 ਟਨ, ਮਾਰਕਫੈਡ ਨੇ 1,17,342 ਟਨ, ਪਨਸਪ ਨੇ 1,23,393 ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 64,470 ਟਨ ਝੋਨੇ ਦੀ ਖ਼ਰੀਦ ਕੀਤੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਮੰਡੀਆਂ ਵਿਚੋਂ ਚੁਕਾਈ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ। ਹੁਣ ਤੱਕ ਤਿੰਨ ਲੱਖ 81 ਹਜ਼ਾਰ 702 ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ।ਡੀਸੀ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਜਾ ਐਕਸ ਸੀਟੂ ਤਕੀਨਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਸਮੇਤ ਹੋਰ ਤਕਨੀਕੀ ਮਦਦ ਮੁਹੱਈਆ ਕਰਵਾਉਣ ਲਈ ਵਟਸਐਪ ਨੰਬਰ 86999-84423 ਜਾਰੀ ਕੀਤਾ ਹੋਇਆ ਹੈ, ਜਿਸ ਉਤੇ ਕਿਸਾਨ ਜ਼ਿਲ੍ਹੇ ਵਿੱਚ ਮੌਜੂਦ ਉਪਲਬਧ ਮਸ਼ੀਨਰੀ ਦੀ ਸੂਚੀ ਅਤੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਰਨ ਲਈ ਸੰਪਰਕ ਨੰਬਰ ਸਮੇਤ ਆਈ-ਖੇਤ ਐਪ ਅਤੇ ਨਵੀਂ ਮਸ਼ੀਨਰੀ ਅਪਲਾਈ ਕਰਨ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।