ਪੱਤਰ ਪ੍ਰੇਰਕ
ਰਾਜਪੁਰਾ, 15 ਜੂਨ
ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਰਾਜਪੁਰਾ ਅਤੇ ਘਨੌਰ ਖੇਤਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਸ਼ਹਿਰੀ ਖੇਤਰ ਦੇ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ, ਸੁਖਮਨੀ ਸੇਵਾ ਸੁਸਾਇਟੀ ਪੁਰਾਣੀ ਕਚਹਿਰੀ, ਗੁਰਦੁਆਰਾ ਜੋਤੀ ਸਰੂਪ ਸਾਹਿਬ ਫੋਕਲ ਪੁਆਇੰਟ, ਭਗਤ ਰਵਿਦਾਸ ਜੀ ਕਾਲਕਾ ਰੋਡ, ਰਾਮਗੜ੍ਹੀਆ ਸਭਾ ਪੁਰਾਣਾ ਰਾਜਪੁਰਾ, ਗੁਰਦੁਆਰਾ ਆਹਲੂਵਾਲੀਆ, ਗੁਲਾਬ ਨਗਰ, ਕੇਂਦਰੀ ਸਿੰਘ ਸਭਾ ਟਾਊਨ, ਨਵੀਨ ਸਿੰਘ ਸਭਾ ਪੁਰਾਣੀ ਜੀਟੀ ਰੋਡ ਤੋਂ ਇਲਾਵਾ ਦਿਹਾਤੀ ਖੇਤਰ ਦੇ ਗੁਰਦੁਆਰਾ ਨੀਲਪੁਰ, ਸੈਦਖੇੜੀ, ਮਰਦਾਂਪੁਰ, ਘਨੌਰ, ਹਸ਼ਨ-ਕਬੂਲਪੁਰ, ਹਰਪਾਲਪੁਰ, ਨਨਹੇੜੀ ਅਤੇ ਜੰਡ ਮੰਗੌਲੀ ਸਮੇਤ ਹੋਰਨਾਂ ਗੁਰਦੁਆਰਿਆਂ ਵਿੱਚ ਅਖੰਡ ਪਾਠ ਅਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੁਆਏ ਗਏ ਅਤੇ ਕਥਾ ਕੀਰਤਨ ਦਰਬਾਰ ਸਜਾਏ ਗਏ। ਕਥਾ ਕੀਰਤਨੀ ਜੱਥਿਆਂ ਵੱਲੋਂ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤ ਨੂੰ ਗੁਰੂ ਜੀ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ।
ਪਟਿਆਲਾ (ਖੇਤਰੀ ਪ੍ਰਤੀਨਿਧ): ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੀ ਵਿਸ਼ੇਸ਼ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਮੈਨੇਜਰ ਨੱਥਾ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਪਟਵਾਰੀ ਮਨਜੀਤ ਪਵਾਰ ਮੌਜੂਦ ਸਨ।