ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 25 ਜੂਨ
ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਸਮੇਤ ਗੁਰਦੁਆਰਾ ਬਾਬਾ ਅਜਾਪਾਲ ਵਿੱਚ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਮੁੱਖਵਾਕ ਭਾਈ ਭੁਪਿੰਦਰਪਾਲ ਸਿੰਘ ਨੇ ਲਿਆ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ।
ਘਨੌਰ (ਪੱਤਰ ਪ੍ਰੇਰਕ): ਇਸ ਖੇਤਰ ਵਿੱਚ ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਪਿੰਡ ਮਰਦਾਂਪੁਰ, ਹਰਪਾਲਪੁਰ, ਨਨਹੇੜੀ, ਘਨੌਰ ਸਮੇਤ ਹੋਰਨਾਂ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ਵਿੱਚ ਅਖੰਡ ਪਾਠ, ਸਹਿਜ ਪਾਠ ਤੇ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪੁਆਏ ਗਏ।
ਰਾਜਪੁਰਾ (ਪੱਤਰ ਪ੍ਰੇਰਕ): ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ।