ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਅਕੀਦਾ
ਪਟਿਆਲਾ, 28 ਸਤੰਬਰ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨਕਲਾਬੀ ਨੌਜਵਾਨ ਸਭਾ ਦੇ ਸਹਿਯੋਗ ਨਾਲ ਇੱਥੇ ਘਲੋੜੀ ਗੇਟ ਵਿੱਚ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਵਿਸ਼ੇਸ਼ ਸਮਾਗਮ ਕਰਵਾ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਬੁੱਤ ਅਤੇ ਤਸਵੀਰ ਸਾਹਮਣੇ ਗਾਰਡ ਆਫ਼ ਆਨਰ ਭੇਟ ਕਰਕੇ ਸਲਾਮੀ ਦਿੱਤੀ ਗਈ। ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਡੀਓ ਸੁਨੇਹਾ ਚਲਾ ਕੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਹੁੰ ਵੀ ਚੁਕਾਈ ਗਈ। ਇਸ ਮੌਕੇ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਰੋਲ ਮਾਡਲ ਹਨ। ਜੌੜਾਮੇਜਰਾ ਨੇ ਕਿਹਾ ਕਿ ਜਿਹੜੇ ਸ਼ਹੀਦਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ, ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ ਉਪਰ ਚੱਲਦੇ ਹੋਏ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਤੇ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ। ਇਸ ਮੌਕੇ ਮੌਜੂਦ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਦਿੱਤੀਆਂ ਕੁਰਬਾਨੀਆਂ ਅੰਜਾਈਂ ਨਹੀਂ ਜਾਣਗੀਆਂ ਅਤੇ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਪਨੇ ਜ਼ਰੂਰ ਸਾਕਾਰ ਕਰੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸੋਸ਼ਲਿਸਟ ਸਮਾਜ ਦਾ ਸਿਧਾਂਤ ਦਿੱਤਾ, ਜਿਸ ਨਾਲ ਗਰੀਬ ਵੀ ਆਜ਼ਾਦੀ ਮਾਣ ਸਕੇ ਤੇ ਆਜ਼ਾਦੀ ਦੇ 75 ਵਰ੍ਹਿਆਂ ਬਾਅਦ ਸ਼ਹੀਦਾਂ ਦੇ ਸੁਪਨੇ ਸਾਕਾਰ ਹੁੰਦੇ ਜਾਪ ਰਹੇ ਹਨ। ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸ.ਐੱਸ.ਪੀ. ਦੀਪਕ ਪਾਰੀਕ ਤੇ ਇਨਕਲਾਬੀ ਨੌਜਵਾਨ ਸਭਾ ਤੋਂ ਜਰਨੈਲ ਸਿੰਘ ਮੰਨੂ, ਏ.ਡੀ.ਸੀਜ਼ ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ, ਐੱਸ.ਡੀ.ਐੱਮ. ਡਾ. ਇਸਮਤ ਵਿਜੇ ਸਿੰਘ, ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਮੇਜਰ ਆਰ.ਪੀ.ਐੱਸ. ਮਲਹੋਤਰਾ, ਕ੍ਰਿਸ਼ਨ ਚੰਦ ਬੁੱਧੂ, ਜਸਵੀਰ ਗਾਂਧੀ, ਸੁਰਜੀਤ ਸਕਰੌਦੀ, ਅਮਰੀਕ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਪੁਨੀਤ ਕੋਰੀਅਨ, ਆਰਿਫ਼ ਖ਼ਾਨ ਤੇ ਇਲਾਕਾ ਨਿਵਾਸੀ ਹਾਜ਼ਰ ਸਨ। ਇਸ ਦੌਰਾਨ ਦੇਸ਼ ਦੇ ਸ਼ਹੀਦਾਂ ਉਪਰ ਆਧਾਰਤ ਇੱਕ ਨਾਟਕ ਵੀ ਪੇਸ਼ ਕੀਤਾ ਗਿਆ।
ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨਰ ਦਿੱਤਾ
ਸੰਦੌੜ (ਪੱਤਰ ਪ੍ਰੇਰਕ) ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਸ਼ਹੀਦ -ਏ- ਆਜ਼ਮ ਭਗਤ ਸਿੰਘ ਦੇ 115 ਵੇਂ ਜਨਮ ਦਿਵਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ’ਚ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ, ਜ਼ਿਲ੍ਹਾ ਪੁਲੀਸ ਮੁਖੀ ਅਵਨੀਤ ਕੌਰ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਰਾਜਦੀਪ ਕੌਰ, ਐੱਸ.ਡੀ.ਐੱਮ.ਮਾਲੇਰਕੋਟਲਾ ਕਰਨਦੀਪ ਸਿੰਘ ,ਐੱਸ.ਡੀ.ਐੱਮ. ਅਹਿਮਦਗੜ੍ਹ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਐਸ.ਪੀ.(ਡੀ) ਕੁਲਦੀਪ ਸਿੰਘ ਸੋਹੀ, ਡੀ.ਐਸ.ਪੀ. ਰਣਜੀਤ ਸਿੰਘ ਬੈਂਸ ਤੇ ਡੀ.ਐੱਸ.ਪੀ. ਅਮਰਗੜ੍ਹ ਸ੍ਰੀ ਗੁਰਇਕਬਾਲ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ। ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ ਤੇ ਨੌਜਵਾਨ ਪੀੜ੍ਹੀ ਨੂੰ ਉੱਜਵਲ ਭਵਿੱਖ ਵੱਲ ਲਿਜਾਉਣ ਲਈ ਆਜ਼ਾਦੀ ਘੁਲਾਟੀਆਂ ਦੇ ਦਰਸਾਏ ਮਾਰਗਾਂ ਤੇ ਚੱਲਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਡੀਸੀ ਸ੍ਰੀ ਸੰਯਮ ਅਗਰਵਾਲ ਨੇ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ’ਤੇ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਸੋਚ ਤੇ ਮਜ਼ਬੂਤ ਇਰਾਦਿਆਂ ਨਾਲ ਬ੍ਰਿਟਿਸ਼ ਸ਼ਾਸਨ ਨੂੰ ਹਿਲਾ ਦੇਣ ਸ਼ਹੀਦ ਭਗਤ ਸਿੰਘ ਨੂੰ ਅੱਜ ਪੂਰਾ ਦੇਸ਼ ਯਾਦ ਕਰ ਰਿਹਾ ਹੈ। ਜ਼ਿਲ੍ਹਾ ਪੁਲੀਸ ਮੁਖੀ ਅਵਨੀਤ ਕੌਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ।