ਪਟਿਆਲਾ/ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਕੇਂਦਰ ਸਰਕਾਰ ਵੱਲੋਂ ਕਰੀਬ 9 ਕਰੋੜ 70 ਲੱਖ ਰੁਪਏ ਦੀ ਸਿੱਧੀ ਰਾਹਤ ਰਕਮ ਜਾਰੀ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਸਮੇਂ ਸਿਰ ਕਿਸਾਨਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਨਾਲ ਘਨੌਰ ਹਲਕੇ ਦੇ ਕਈ ਪਿੰਡਾਂ ਦਾ ਭਾਰੀ ਨੁਕਸਾਨ ਹੋਇਆ ਸੀ ਪਰ ਪੰਜਾਬ ਸਰਕਾਰ ਨੇ ਅਜੇ ਤੱਕ ਕਿਸਾਨਾਂ ਲਈ ਕੋਈ ਢੰਗ ਦੀ ਮਦਦ ਨਹੀਂ ਕੀਤੀ। ਕੇਂਦਰ ਸਰਕਾਰ ਨੇ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਰਕਮ ਪਾ ਕੇ ਉਨ੍ਹਾਂ ਨੂੰ ਅਗਲੀ ਫ਼ਸਲ ਦੀ ਬਿਜਾਈ ਲਈ ਸਹਾਰਾ ਦਿੱਤਾ ਜਦਕਿ ਪੰਜਾਬ ਸਰਕਾਰ ਨੇ ਸਿਰਫ਼ ਦਿਲਾਸੇ ਤੇ ਬਿਆਨਬਾਜ਼ੀ ਨਾਲ ਸਮਾਂ ਗੁਜ਼ਾਰਿਆ।
ਸ੍ਰੀ ਹਰਪਾਲਪੁਰ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਦੇ ਪੈਸਿਆਂ ਨਾਲ ਹੀ ਅਗਲੀ ਫ਼ਸਲ ਦੀ ਤਿਆਰੀ ਕਰਦਾ ਹੈ ਤੇ ਜਦੋਂ ਕੁਦਰਤੀ ਆਫ਼ਤ ਆਉਂਦੀ ਹੈ ਤਾਂ ਉਸ ਨੂੰ ਸਰਕਾਰੀ ਸਹਾਰੇ ਦੀ ਲੋੜ ਹੁੰਦੀ ਹੈ ਪਰ ਪੰਜਾਬ ਸਰਕਾਰ ਦੇ ਐੱਮ ਐੱਲ ਏ ਹੜ੍ਹ ਪੀੜਤ ਕਿਸਾਨਾਂ ਨਾਲ ਸਿਆਸਤ ਖੇਡ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਹ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਮਦਦ ਦੀਆਂ ਚਿੱਠੀਆਂ ਨੂੰ ਲੋਕਾਂ ਵਿੱਚ ਵੰਡ ਕੇ ਗੁਮਰਾਹ ਕਰ ਰਹੇ ਹਨ। ਸ੍ਰੀ ਹਰਪਾਲਪੁਰ ਨੇ ਸਾਫ਼ ਤੌਰ ’ਤੇ ਕਿਹਾ ਕਿ ਅਜਿਹੇ ਸਮੇਂ ਸਿਆਸਤ ਨਹੀਂ, ਸੇਵਾ ਦੀ ਲੋੜ ਹੁੰਦੀ ਹੈ ਅਤੇ ਕੇਂਦਰ ਸਰਕਾਰ ਨੇ ਆਪਣਾ ਫ਼ਰਜ਼ ਇਮਾਨਦਾਰੀ ਨਾਲ ਨਿਭਾਇਆ ਹੈ ਜਦਕਿ ਪੰਜਾਬ ਸਰਕਾਰ ਸਿਰਫ਼ ਚੁੱਪ ਦਰਸ਼ਕ ਬਣੀ ਰਹੀ।

