ਖੇਤਰੀ ਪ੍ਰਤੀਨਿਧ
ਪਟਿਆਲਾ, 10 ਅਕਤੂਬਰ
ਨਮੀ ਅਤੇ ਬਾਰਿਸ਼ ਦੇ ਮੌਸਮ ਕਰਕੇ ਡੇਂਗੂ ਬੁਖ਼ਾਰ ਦੇ ਕੇਸਾਂ ਵਿੱਚ ਵਾਧੇ ਦਾ ਖਦਸ਼ਾ ਜ਼ਾਹਰ ਕਰਦਿਆਂ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਸਖਤ ਹੋ ਗਿਆ ਹੈ। ਡੇਂਗੂ ਦੀ ਰੋਕਥਾਮ ਲਈ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਿਹਤ ਵਿਭਾਗ ਸਮੇਤ ਹੋਰ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਅੱਜ ਹਰ ਤਰ੍ਹਾਂ ਦੇ ਬੁਖ਼ਾਰ ਨੂੰ ਸ਼ੱਕੀ ਕੇਸ ਮੰਨਦਿਆਂ, ਡੇਂਗੂ ਦਾ ਟੈਸਟ ਲਾਜ਼ਮੀ ਤੌਰ ’ਤੇ ਕਰਵਾਉਣ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਰਾਜਿੰਦਰਾ, ਮਾਤਾ ਕੌਸ਼ੱਲਿਆ ਹਸਪਤਾਲ, ਸਿਵਲ ਹਸਪਤਾਲ ਨਾਭਾ ਅਤੇ ਰਾਜਪੁਰਾ ਵਿੱਚ ਡੇਂਗੂ ਦੇ ਟੈਸਟ ਮੁਫ਼ਤ ਹੁੰਦੇ ਹਨ। ਬਾਕੀ ਸਰਕਾਰੀ ਹਸਪਤਾਲਾਂ ਵਿੱਚ ਸੈਂਪਲ ਭਰ ਕੇ ਇਨ੍ਹਾਂ ਹਸਪਤਾਲਾਂ ਤੋਂ ਟੈਸਟ ਕਰਵਾ ਕੇ ਰਿਪੋਰਟਾਂ ਦਿੱਤੀਆਂ ਜਾਂਦੀਆਂ ਹਨ। ਇਸ ਲਈ ਲੋਕ ਅਣਗਹਿਲੀ ਨਾ ਕਰਨ ਅਤੇ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਟੈਸਟ ਕਰਵਾਉਣ। ਉਨ੍ਹਾਂ ਡੇਂਗੂ ਤੋਂ ਬਚਾਅ ਲਈ ਡੇਂਗੂ ਲਾਰਵੇ ਦੀ ਚੈਕਿੰਗ ਤੇਜ਼ ਕਰਨ, ਫੌਗਿੰਗ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਤੇਜ਼ ਕਰਨ ਦੀ ਹਦਾਇਤ ਕਰਦਿਆਂ ਡੇਂਗੂ ਦਾ ਲਾਰਵਾ ਮਿਲਣ ’ਤੇ ਘਰਾਂ, ਦਫਤਰਾਂ, ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਦੇ ਚਲਾਨ ਕਰਨ ਦੀ ਤਾਕੀਦ ਵੀ ਕੀਤੀ। ਮੀਟਿੰਗ ਦੌਰਾਨ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਉੱਪਲ, ਏ.ਡੀ.ਸੀ. ਈਸ਼ਾ ਸਿੰਘਲ, ਸਿਵਲ ਸਰਜਨ ਡਾ. ਰਾਜੂ ਧੀਰ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਸਮੇਤ ਸਮੂਹ ਕਾਰਜ ਸਾਧਕ ਅਫ਼ਸਰ ਵੀ ਮੌਜੂਦ ਸਨ।