ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 4 ਦਸੰਬਰ
ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼, ਪੰਜਾਬ ਰਾਜ ਬਿਜਲੀ ਬੋਰਡ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਦੇ ਵਿਰੋੋਧ ਵਿਚ ਦਿੱਲੀ ’ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ।
ਕੌਂਸਲ ਦੇ ਸੂਬਾ ਪ੍ਰਧਾਨ ਇੰਜਨੀਅਰ ਪਰਮਜੀਤ ਸਿੰਘ ਖਟੜਾ ਅਤੇ ਸੂਬਾ ਜਨਰਲ ਸਕੱਤਰ ਇੰਜਨੀਅਰ ਦਵਿੰਦਰ ਸਿੰਘ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਕੇਂਦਰ ਵੱਲੋਂ ਜਿਸ ਢੰਗ ਨਾਲ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕਰ ਕੇ ਕਿਸਾਨਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ ਉਸ ਪ੍ਰਤੀ ਦੇਸ਼ ਦੇ ਹਰ ਵਰਗ ਵਿੱਚ ਗੁੱਸੇ ਦੀ ਲਹਿਰ ਹੈ ਕਿਉਂਕਿ ਇਹ ਖੇਤੀ ਕਾਨੂੰਨ ਸਿਰਫ ਖੇਤੀ ਸੈਕਟਰ ਨੂੰ ਉਜਾੜਨ ਅਤੇ ਕਾਰਪੋਰੇਟ ਘਰਾਣਿਆਂ ਦਾ ਖੇਤੀ ਮੰਡੀਆ ’ਤੇ ਕਬਜ਼ਾ ਕਰਵਾਉਣ ਹਿੱਤ ਬਣਾਏ ਗਏ ਹਨ। ਦੂਜੇ ਪਾਸੇ ਕਿਸਾਨਾਂ ਦੀ ਰੋਜ਼ੀ-ਰੋਟੀ ਲਈ ਵੀ ਖਤਰਾ ਪੈਦਾ ਹੋ ਗਿਆ ਹੈ।
ਜੱਥੇਬੰਦੀ ਨੇ ਕਿਸਾਨਾਂ ’ਤੇ ਹਰਿਆਣਾ ਸਰਕਾਰ ਅਤੇ ਦਿੱਲੀ ਪੁਲੀਸ ਵੱਲੋਂ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ’‘ਚ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਨਾ ਕਿਸੇ ਦੇਰੀ ਤੋਂ ਤਿੰਨੋਂ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ-2020 ਤੁਰੰਤ ਵਾਪਸ ਲਏ ਜਾਣ।