ਪੱਤਰ ਪ੍ਰੇਰਕ
ਸਮਾਣਾ, 22 ਅਗਸਤ
ਪਿੰਡ ਵੜੈਚਾਂ ਵਿੱਚ ਇੱਕ ਕਿਸਾਨ ਦੇ ਖੇਤਾਂ ’ਚ ਕੀੜੇਮਾਰ ਦਵਾਈ ਦੀ ਸਪਰੇਅ ਕਰਦਿਆਂ ਇੱਕ ਮਜ਼ਦੂਰ ਦੀ ਮੌਤ ਹੋ ਗਈ। ਸਿਟੀ ਪੁਲੀਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਨੁਸਾਰ ਧਾਰਾ 174 ਤਹਿਤ ਕਾਰਵਾਈ ਕਰ ਕੇ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਸਿਟੀ ਪੁਲੀਸ ਦੇ ਜਾਂਚ ਅਧਿਕਾਰੀ ਸੋਮਨਾਥ ਨੇ ਦੱਸਿਆ ਕਿ ਮ੍ਰਿਤਕ ਲਖਵਿੰਦਰ ਸਿੰਘ (50) ਪੁੱਤਰ ਅਮਰ ਸਿੰਘ ਵਾਸੀ ਪਿੰਡ ਵੜੈਚਾਂ ਦੀ ਪਤਨੀ ਗੁਰਮੀਤ ਕੌਰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸਦਾ ਪਤੀ ਸ਼ਨਿੱਚਰਵਾਰ ਨੂੰ ਸਵੇਰ ਸਮੇਂ ਰਜਵੰਤ ਸਿੰਘ ਦੇ ਖੇਤ ਵਿੱਚ ਜੀਰੀ ’ਤੇ ਸਪਰੇਅ ਕਰਨ ਗਿਆ ਸੀ ਜੋ ਦੁਪਹਿਰ ਵੇਲੇ ਸਪਰੇਅ ਕਰਦੇ ਸਮੇਂ ਬੇਹੋਸ਼ ਹੋ ਕੇ ਖੇਤ ਵਿੱਚ ਹੀ ਡਿੱਗ ਪਿਆ। ਜਦੋਂ ਘਰ ਵਾਲਿਆਂ ਨੂੰ ਕਿਸੇ ਤੋਂ ਪਤਾ ਲੱਗਾ ਤਾਂ ਉਨ੍ਹਾਂ ਲਖਵਿੰਦਰ ਸਿੰਘ ਨੂੰ ਖੇਤ ’ਚੋਂ ਚੁੱਕ ਕੇ ਸਿਵਲ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਪਟਿਆਲਾ ਰੈਫ਼ਰ ਕਰ ਦਿੱਤਾ ਜਿੱਥੇ ਉਸ ਦੀ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ।