ਗੁਰਨਾਮ ਸਿੰਘ ਅਕੀਦਾ
ਪਟਿਆਲਾ, 18 ਅਕਤੂਬਰ
ਚੌਥਾ ਦਰਜਾ ਕਰਮਚਾਰੀ ਯੂਨੀਅਨ ਅੱਜ ਦੋਫਾੜ ਹੋ ਗਈ ਹੈ। ਵੇਰਵਿਆਂ ਅਨੁਸਾਰ ਇਕ ਧੜਾ ਜੰਗਲਾਤ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਗਮੋਹਨ ਨੌਲੱਖਾ ਨਾਲ ਚਲਾ ਗਿਆ ਜਦੋਂ ਕਿ ਦੂਜਾ ਧੜਾ ਚੌਥਾ ਦਰਜਾ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨਾਲ ਚਲਾ ਗਿਆ। ਦੋਵਾਂ ਆਗੂਆਂ ਨੇ ਅੱਜ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਅਤੇ ਦੋਵਾਂ ਧੜਿਆਂ ਵਿੱਚ ਟਕਰਾਅ ਵਾਲੀ ਸਥਿਤੀ ਬਣ ਗਈ। ਜ਼ਿਲ੍ਹਾ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਸੰਭਾਲੀ।
ਜ਼ਿਕਰਯੋਗ ਹੈ ਕਿ ਜਗਮੋਹਨ ਨੌਲੱਖਾ ਤੇ ਦਰਸ਼ਨ ਸਿੰਘ ਲੁਬਾਣਾ ਪਿਛਲੇ 35 ਸਾਲਾਂ ਤੋਂ ਇਕ ਹੀ ਜਥੇਬੰਦੀ ਵਿੱਚ ਚੌਥਾ ਦਰਜਾ ਕਾਮਿਆਂ ਦੇ ਹੱਕਾਂ ਲਈ ਲੜਦੇ ਆ ਰਹੇ ਸਨ। ਅੱਜ ਦੋਵੇਂ ਆਗੂਆਂ ਨੇ ਕਾਮਿਆਂ ਦੀਆਂ ਮੰਗਾਂ ਲਈ ਵੱਖੋ-ਵੱਖਰੇ ਪ੍ਰਦਰਸ਼ਨ ਕੀਤੇ। ਦਰਸ਼ਨ ਸਿੰਘ ਲੁਬਾਣਾ ਨੇ ਜਗਮੋਹਨ ਨੌਲਖਾ ’ਤੇ ਯੂਨੀਅਨ ਦੇ ਰੁਪਏ ਖਾਣ ਦੇ ਦੋਸ਼ ਲਗਾਏ ਜਦੋਂ ਕਿ ਜਗਮੋਹਨ ਨੌਲੱਖਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਝੂਠੇ ਦੋਸ਼ ਲਗਾਉਣ ਤੋਂ ਪਹਿਲਾਂ ਸਬੂਤ ਪੇਸ਼ ਕੀਤੇ ਜਾਣ।
ਇਸੇ ਦੌਰਾਨ ਜੰਗਲਾਤ ਵਿਭਾਗ ਦੇ ਵਰਕਰਾਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਵਿਧਾਇਕ (ਦਿਹਾਤੀ) ਡਾ. ਬਲਬੀਰ ਸਿੰਘ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਜੰਗਲਾਤ ਵਿਭਾਗ ਦੇ ਮਜ਼ਦੂਰਾਂ ਦੀਆਂ ਤਨਖ਼ਾਹਾਂ ਨਹੀਂ ਮਿਲਦੀਆਂ ਤਾਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਜਾਵੇਗਾ ਅਤੇ 25 ਅਕਤੂਬਰ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 26 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। ਦੂਜੇ ਪਾਸੇ ਦਰਸ਼ਨ ਸਿੰਘ ਲੁਬਾਣਾ ਨੇ ਵੀ ਡੀਸੀ ਦਫ਼ਤਰ ਦੇ ਬਾਹਰ ਆਪਣਾ ਵੱਖਰਾ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਵੀ ਪੰਜਾਬ ਸਰਕਾਰ ਨੂੰ ਮੰਗਾਂ ਸਬੰਧੀ ਪੱਤਰ ਭੇਜੇ।
ਜੰਗਲਾਤ ਕਾਮਿਆਂ ਵੱਲੋਂ ਡੀਐੱਫਓ ਦਫ਼ਤਰ ਅੱਗੇ ਨਾਅਰੇਬਾਜ਼ੀ
ਜੰਗਲਾਤ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਗਮੋਹਨ ਨੌਲੱਖਾ ਨੇ ਨਾਭਾ ਰੋਡ ਸਥਿਤ ਨਹਿਰ ਵਿਭਾਗ ਵਿੱਚ ਯੂਨੀਅਨ ਦਫ਼ਤਰ ਵਿੱਚ ਮੁਲਾਜ਼ਮਾਂ ਦਾ ਇਕੱਠ ਕੀਤਾ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਉਹ ਮਾਰਚ ਕਰਦੇ ਹੋਏ ਜੰਗਲਾਤ ਵਿਭਾਗ ਦੇ ਡੀਐੱਫਓ ਦਫ਼ਤਰ ਦੇ ਬਾਹਰ ਆ ਕੇ ਨਾਅਰੇਬਾਜ਼ੀ ਕਰਦੇ ਰਹੇ। ਅੱਜ ਦੇ ਪ੍ਰਦਰਸ਼ਨ ਵਿੱਚ ਜੰਗਲਾਤ ਵਿਭਾਗ, ਜੰਗਲੀ ਜੀਵ, ਜੰਗਲਾਤ ਕਾਰਪੋਰੇਸ਼ਨ ਅਤੇ ਜਲ ਸਰੋਤ ਵਿਭਾਗ ਦੇ ਮੁਲਾਜ਼ਮ ਸ਼ਾਮਲ ਹੋਏ। ਜਥੇਬੰਦੀ ਦੇ ਆਗੂ ਮੰਗ ਕਰ ਰਹੇ ਸਨ ਕਿ ਦੀਵਾਲੀ ਤੋਂ ਪਹਿਲਾਂ ਵਰਕਰਾਂ ਦੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ, ਡੇਲੀਵੇਜ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ, 2004 ਵਾਲੀ ਪੈਨਸ਼ਨ ਬਹਾਲ ਹੋਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ਾਰਮੂਲਾ ਲਾਗੂ ਹੋਵੇ, ਤਨਖ਼ਾਹਾਂ ਦਾ ਏਰੀਅਰ ਦੀਵਾਲੀ ਤੋਂ ਪਹਿਲਾਂ ਦਿੱਤਾ ਜਾਵੇ। ਇਸ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਾਮ ਦਿੱਤੇ ਗਏ।