ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 16 ਅਪਰੈਲ
ਹਲਕਾ ਸਨੌਰ ਦੀਆਂ ਕੁਝ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸਮੇਂ ਕਿਸਾਨਾਂ ਨੂੰ ਮੁਸ਼ਕਲ ਆ ਰਹੀ ਹੈ, ਜਿਸ ਦਾ ਹਾਲ ਜਾਨਣ ਲਈ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਅਨਾਜ ਮੰਡੀ ਮਸੀਂਗਣ ਅਤੇ ਭੁਨਰਹੇੜੀ ਮੰਡੀ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ। ਕਿਸਾਨ ਆਗੂਆਂ ਨੂੰ ਪਤਾ ਲੱਗਾ ਕਿ ਐੱਫਸੀਆਈ ਨੇ ਅਜੇ ਤੱਕ ਇਥੇ ਕਣਕ ਦੀ ਖਰੀਦ ਸ਼ੁਰੂ ਨਹੀਂ ਕੀਤੀ। ਇਸ ਕਰਕੇ ਵਿਧਾਇਕ ਚੰਦੂਮਾਜਰਾ ਨੇ ਐੱਫ.ਸੀ.ਆਈ. ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਜਿਸ ’ਤੇ ਏਜੰਸੀ ਦਾ ਇੰਸਪੈਕਟਰ ਮੌਕੇ ’ਤੇ ਪਹੁੰਚਿਆ, ਜਿਸ ਨੇ ਕਣਕ ਦੀ ਖਰੀਦ ਦਾ ਕੰਮ ਸ਼ੁਰੂ ਤਾਂ ਕਰਵਾਇਆ ਪਰ ਤਸੱਲੀਬਖਸ਼ ਨਹੀਂ। ਇਸ ਮੌਕੇ ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਦੇ ਚੱਲ ਰਹੇ ਸਿਸਟਮ ਵਿਚੋਂ ਬਾਹਰ ਕੱਢਣ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਪਰ ਪੰਜਾਬ ਸਰਕਾਰ ਵੀ ਕੇਂਦਰ ਅੱਗੇ ਗੋਢੇ ਟੇਕੀ ਬੈਠੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਣਕ ਦੀ ਖਰੀਦ ਵਿੱਚ ਸਰਕਾਰੀ ਸੁਧਾਰ ਨਾ ਆਇਆ ਤਾਂ ਕਿਸਾਨ ਸੜਕਾਂ ’ਤੇ ਬੈਠਣ ਲਈ ਮਜਬੂਰ ਹੋਣਗੇ।
ਚੇਅਰਮੈਨ ਵੱਲੋਂ ਖਰੀਦ ਕੇਂਦਰਾਂ ਦਾ ਜਾਇਜ਼ਾ
ਲਹਿਰਾਗਾਗਾ (ਪੱਤਰ ਪ੍ਰੇਰਕ): ਮਾਰਕਿਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਰਿੰਪੀ, ਸਕੱਤਰ ਜਗਤਾਰ ਸਿੰਘ ਦੰਦੀਵਾਲ ਆਦਿ ਨੇ ਮੁੱਖ ਮੰਡੀ ਲਹਿਰਾਗਾਗਾ ਵਿੱਚ ਅਤੇ ਆਲੇ ਦੁਆਲੇ ਦੇ ਖ਼ਰੀਦ ਕੇਂਦਰਾਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ। ਚੇਅਰਮੈਨ ਜਸਵਿੰਦਰ ਸਿੰਘ ਰਿੰਪੀ ਅਤੇ ਸਕੱਤਰ ਜਗਤਾਰ ਸਿੰਘ ਦੰਦੀਵਾਲ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਟਰਾਂਸਪੋਰਟਰਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ, ਸਿਰਫ਼ ਇੱਕ ਬਾਰਦਾਨੇ ਦੀ ਸਮੱਸਿਆ ਆ ਰਹੀ ਹੈ, ਜਿਸ ਨੂੰ ਹੱਲ ਕਰਵਾਉਣ ਲਈ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਫ਼ੂਡ ਸਪਲਾਈ ਅਫ਼ਸਰ ਦੇ ਧਿਆਨ ਹਿੱਤ ਲਿਆ ਕੇ ਜਲਦੀ ਹੱਲ ਕਰਵਾਇਆ ਜਾਵੇਗਾ।