ਪੱਤਰ ਪ੍ਰੇਰਕ
ਪਟਿਆਲਾ, 16 ਦਸੰਬਰ
ਆਪਣੀਆਂ ਮੰਗਾ ਨੂੰ ਲੈ ਕੇ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਹਸਪਤਾਲਾਂ ਵਿਚ ਤਾਇਨਾਤ ਸਮੂਹ ਨਰਸਿੰਗ ਸਟਾਫ਼ ਨੇ ਅੱਜ ਇੱਥੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸਥਿਤ ਘਰ ਕੋਲ ਜਾਮ ਲਾਇਆ ਅਤੇ ਨਾਅਰੇਬਾਜ਼ੀ ਕੀਤੀ। ਨਰਸਾਂ ਕੜਕਦੀ ਠੰਢ ਵਿੱਚ ਬੈਠੀਆਂ ਆਪਣੀਆਂ ਮੰਗਾਂ ਪੂਰੀਆਂ ਕਰਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੀਆਂ ਰਹੀਆਂ।
ਇਸ ਦੌਰਾਨ ਸੰਬੋਧਨ ਕਰਦਿਆਂ ਨਰਸਿੰਗ ਐਸੋਸੀਏਸ਼ਨ ਆਗੂ ਕੁਲਦੀਪ ਕੌਰ ਅਤੇ ਸੰਦੀਪ ਕੌਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਸਗੋਂ ਲਾਰੇ ’ਤੇ ਲਾਰੇ ਲਗਾ ਕੇ ਸਮਾਂ ਲੰਘਾ ਰਹੀ ਹੈ। ਕੁਝ ਨਰਸਿੰਗ ਸਟਾਫ਼ ਦੀ ਤਨਖ਼ਾਹ 39 ਹਜ਼ਾਰ ਹੈ ਅਤੇ ਕੁਝ ਦੀ 29 ਹਜ਼ਾਰ ਹੈ, ਜਦੋਂਕਿ ਉਨ੍ਹਾਂ ਦਾ ਗਰੇਡ ਪੇਅ 4600 ਤੋਂ ਘਟਾ ਕੇ 3200 ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭੱਤਿਆਂ ਨੂੰ ਲੈ ਕੇ ਮਾਮਲਾ ਚੱਲ ਰਿਹਾ ਹੈ, ਇਸ ਸਮੇਤ ਹੋਰ ਵੀ ਅਨੇਕਾਂ ਮੰਗਾਂ ਹਨ ਜਿਨ੍ਹਾਂ ਕਰ ਕੇ ਉਨ੍ਹਾਂ ਨੂੰ ਸੜਕਾਂ ’ਤੇ ਆਉਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਉਹ ਕਈ ਵਾਰ ਉੱਚ ਅਧਿਕਾਰੀਆਂ ਸਣੇ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਚੁੱਕੇ ਹਨ, ਪਰ ਉਨ੍ਹਾਂ ਦੇ ਮਸਲੇ ਦਾ ਕੋਈ ਵੀ ਹੱਲ ਨਹੀਂ ਕੱਢਿਆ ਜਾ ਰਿਹਾ। ਇਸ ਲਈ ਜੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਸੁਹਿਰਦਤਾ ਨਾ ਦਿਖਾਈ ਤਾਂ ਇਹ ਸੰਘਰਸ਼ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਤੇਜ਼ ਕੀਤਾ ਜਾਵੇਗਾ।